ਬਠਿੰਡਾ, 7 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਵਲੋਂ ਅਪਰਾਧ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਵੱਡੀ ਸਫਲਤਾ ਹਾਸਲ ਕੀਤੀ ਹੈ | ਡੀ.ਐਸ.ਪੀ ਜਸਪਾਲ ਸਿੰਘ ਦੀ ਅਗਵਾਈ ਵਾਲੀ ਬਠਿੰਡਾ ਟੀਮ ਨੇ ਵਿਦੇਸ਼ ਵਿਚ ਰਹਿ ਰਹੇ ਗੈਂਗਸਟਰ ਗੋਲਡੀ ਬਰਾੜ ਦੇ ਕਰੀਬੀ ਬਲਜਿੰਦਰ ਸਿੰਘ ਉਰਫ਼ ਰੈਂਚ ਨੂੰ ਹਥਿਆਰਾਂ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਮਲੋਟ ਵਿਚ ਛਾਪੇਮਾਰੀ ਕਰਦੇ ਹੋਏ ਮੁਲਜ਼ਮ ਬਲਜਿੰਦਰ ਸਿੰਘ ਨੂੰ ਗਿ੍ਫ਼ਤਾਰ ਕਰਦੇ ਹੋਏ ਉਸ ਕੋਲੋਂ 5 ਪਿਸਤੌਲ (32 ਬੋਰ) ਅਤੇ 10 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ | ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਇਹ ਹਥਿਆਰ ਗੋਲਡੀ ਬਰਾੜ ਗੈਂਗ ਨੂੰ ਸਪਲਾਈ ਕੀਤੇ ਜਾਣੇ ਸਨ | ਜੇਲ੍ਹ ਵਿਚੋਂ ਨੈੱਟਵਰਕ ਚਲਾਇਆ ਜਾ ਰਿਹਾ ਸੀ | ਪੁੱਛਗਿੱਛ ਦੌਰਾਨ ਮੁਲਜ਼ਮ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਸ ਨੂੰ ਇਹ ਹਥਿਆਰ ਗੋਲਡੀ ਬਰਾੜ ਦੇ ਨਿਰਦੇਸ਼ਾਂ 'ਤੇ ਆਪਣੇ ਕਰੀਬੀ ਸਾਥੀ ਮਲਕੀਤ ਸਿੰਘ ਉਰਫ਼ ਕਿੱਟਾ ਭੈਣੀ ਰਾਹੀਂ ਮਿਲੇ ਸਨ | ਜਿਸ ਵਿਰੁੱਧ 20 ਤੋਂ ਵੱਧ ਮਾਮਲੇ ਦਰਜ ਹਨ | ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਮਲਕੀਤ ਸਿੰਘ ਇਸ ਸਮੇਂ ਜੇਲ੍ਹ ਵਿਚ ਹੈ, ਪਰ ਉਹ ਜੇਲ੍ਹ ਦੇ ਅੰਦਰੋਂ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇ ਰਿਹਾ ਸੀ ਅਤੇ ਉਸ ਨੇ ਆਪਣੇ ਨੈੱਟਵਰਕ ਰਾਹੀਂ ਗਿ੍ਫ਼ਤਾਰ ਮੁਲਜ਼ਮਾਂ ਨੂੰ ਹਥਿਆਰ ਮੁਹੱਈਆ ਕਰਵਾਏ ਸਨ | ਪੰਜਾਬ ਪੁਲਿਸ ਨੇ ਇਸ ਗਿ੍ਫ਼ਤਾਰੀ ਨੂੰ ਗੈਂਗਸਟਰਾਂ ਦੇ ਨੈੱਟਵਰਕ ਦੀ ਕਮਰ ਤੋੜਨ ਵਿਚ ਇੱਕ ਵੱਡੀ ਸਫਲਤਾ ਮੰਨਿਆ ਹੈ | ਮਾਮਲੇ ਦੀ ਹੋਰ ਜਾਂਚ ਜਾਰੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ |