ਬੁਢਲਾਡਾ, 23 ਨਵੰਬਰ (ਸਵਰਨ ਸਿੰਘ ਰਾਹੀ)-ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਨੇੜੇ ਬੱਸ ਅੱਡਾ ਬੁਢਲਾਡਾ ਦੀ ਸੰਗਤ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਮਨਾਏ ਜਾ ਰਹੇ ਤਿੰਨ ਦਿਨਾਂ ਸ਼ਹੀਦੀ ਗੁਰਪੁਰਬ ਸਮਾਗਮਾਂ ਦੇ ਪਹਿਲੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਏ ਗਏ | ਭਾਈ ਸੁਖਚੈਨ ਸਿੰਘ ਦੇ ਕਵੀਸ਼ਰੀ ਜਥੇ ਤੋਂ ਇਲਾਵਾ ਸਥਾਨਕ ਕੀਰਤਨੀ ਸਿੰਘਾਂ ਨੇ ਵੀ ਗੁਰੂ ਸਾਹਿਬ ਜੀ ਦੀ ਜੀਵਨੀ 'ਚੋਂ ਪ੍ਰਸੰਗ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਬਾਬਾ ਦੀਪ ਸਿੰਘ ਗਤਕਾ ਅਖਾੜਾ ਅਤੇ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਨੌਜਵਾਨਾਂ ਨੇ ਗਤਕੇ ਦੇ ਜੌਹਰ ਦਿਖਾਏ | ਗੁਰੂ ਘਰ ਕਮੇਟੀ ਦੇ ਮੁੱਖ ਸੇਵਾਦਾਰ ਜਥੇਦਾਰ ਗਿਆਨ ਸਿੰਘ ਗਿੱਲ ਨੇ ਦੱਸਿਆ ਕਿ ਬਾਬਾ ਤਿ੍ਲੋਕ ਸਿੰਘ ਅਤੇ ਬਾਬਾ ਦਰਸ਼ਨ ਸਿੰਘ ਕਾਰ ਸੇਵਾ ਪਟਿਆਲਾ ਵਾਲਿਆਂ ਦੀ ਦੇਖ-ਰੇਖ ਹੇਠ ਕੀਤੇ ਜਾਣ ਵਾਲੇ ਇਨ੍ਹਾਂ ਤਿੰਨ ਰੋਜ਼ਾ ਗੁਰਪੁਰਬ ਸਮਾਗਮਾਂ ਦੌਰਾਨ 24 ਨਵੰਬਰ ਨੂੰ ਸਜਾਏ ਜਾਣ ਵਾਲੇ ਦੀਵਾਨਾਂ 'ਚ ਪ੍ਰਸਿੱਧ ਕਥਾਵਾਚਕ ਭਾਈ ਸਤਨਾਮ ਸਿੰਘ ਖਡੂਰ ਸਾਹਿਬ ਵਾਲੇ, ਕਵੀਸ਼ਰੀ ਜਥਾ ਭਾਈ ਸੁਖਚੈਨ ਸਿੰਘ, ਭਾਈ ਜੁਝਾਰ ਸਿੰਘ ਜੀ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ਼ਾਮ 7 ਤੋਂ 9:30 ਵਜੇ ਤੱਕ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | 25 ਨਵੰਬਰ ਨੂੰ ਸ੍ਰੀ ਅਖੰਡ ਪਾਠਾਂ ਦੇ ਭੋਗ ਉਪਰੰਤ ਕੀਰਤਨ ਦੀਵਾਨਾਂ 'ਚ ਗਿਆਨੀ ਜਸਵਿੰਦਰ ਸਿੰਘ ਜਵੱਦੀ ਟਕਸਾਲ ਲੁਧਿਆਣਾ, ਕਥਾਵਾਚਕ ਭਾਈ ਸਤਨਾਮ ਸਿੰਘ ਖਡੂਰ ਸਾਹਿਬ ਵਾਲੇ ਅਤੇ ਭਾਈ ਬਲਵਿੰਦਰ ਸਿੰਘ ਦੇ ਢਾਡੀ ਜਥੇ ਸੰਗਤਾਂ ਨੂੰ ਵਾਰਾਂ ਸੁਣਾ ਕੇ ਨਿਹਾਲ ਕਰਨਗੇ | 25 ਨਵੰਬਰ ਨੂੰ ਹੀ ਦਮਦਮੀ ਟਕਸਾਲ ਦੇ ਪੰਜ ਪਿਆਰੇ ਸਾਹਿਬਾਨ ਸੰਗਤਾਂ ਨੂੰ ਅੰਮਿ੍ਤਪਾਨ ਕਰਵਾਉਣਗੇ |