ਪੁਰਖਾਲੀ, 2 ਜੂਨ (ਅੰਮਿ੍ਤਪਾਲ ਸਿੰਘ ਬੰਟੀ)-ਭਾਰਤੀ ਜਨਤਾ ਪਾਰਟੀ ਦੀ 'ਭਾਜਪਾ ਦੇ ਸੇਵਾਦਾਰ, ਆ ਗਏ ਤੁਹਾਡੇ ਦੁਆਰ' ਮੁਹਿੰਮ ਤਹਿਤ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਪੁਰਖਾਲੀ ਸਰਕਲ ਦੇ ਪਿੰਡ ਸੈਂਫਲਪੁਰ ਦੀ ਧਰਮਸ਼ਾਲਾ ਵਿਖੇ ਵਿਸ਼ੇਸ਼ ਸਹਾਇਤਾ ਕੈਂਪ ਲਗਾਇਆ | ਕੈਂਪ ਦਾ ਉਦਘਾਟਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਕੀਤਾ | ਇਸ ਮੌਕੇ ਜਸਵਿੰਦਰ ਸਿੰਘ, ਰਾਮ ਸਿੰਘ, ਇੰਦਰਜੀਤ ਸਿੰਘ, ਅਮਰੀਕ ਸਿੰਘ, ਇੰਸਪੈਕਟਰ ਰਾਜਿੰਦਰ ਸਿੰਘ ਆਦਿ ਨੇ ਸ. ਲਾਲਪੁਰਾ ਦਾ ਸਵਾਗਤ ਕੀਤਾ | ਇਸ ਮੌਕੇ ਕੈਪਟਨ ਮੁਲਤਾਨ ਸਿੰਘ ਨੇ ਦੱਸਿਆ ਕਿ ਇਹ ਕੈਂਪ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਲਗਾਇਆ, ਜਿਸ ਦਾ 115 ਲਾਭਪਾਤਰੀਆਂ ਨੇ ਖੂਬ ਲਾਹਾ ਲਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਭਾਜਪਾ ਟੀਮ ਨੇ ਭਾਜਪਾ ਦੀਆਂ ਨੀਤੀਆਂ ਤੇ ਯੋਜਨਾਵਾਂ ਨੂੰ ਕਤਾਰ ਵਿਚ ਖੜੇ੍ਹ ਅਖੀਰਲੇ ਵਿਅਕਤੀ ਤੱਕ ਪਹੁੰਚਾਉਣ ਦਾ ਟੀਚਾ ਮਿੱਥਿਆ ਹੈ, ਜਿਸ ਤਹਿਤ ਪਿੰਡ-ਪਿੰਡ, ਮਹੱਲਾ-ਮਹੱਲਾ ਜਾ ਕੇ ਇਹ ਕੈਂਪ ਲਗਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਕੈਂਪ ਦਾ ਮਕਸਦ ਕੇਂਦਰ ਸਰਕਾਰ ਦੀਆਂ ਵੱਖ-ਵੱਖ ਲੋਕ-ਭਲਾਈ ਯੋਜਨਾਵਾਂ ਦੀ ਜਾਣਕਾਰੀ ਦੇਣਾ ਤੇ ਯੋਗ ਲਾਭਪਾਤਰੀਆਂ ਨੂੰ ਇਸ ਦਾ ਲਾਭ ਦਿਵਾਉਣਾ ਸੀ | ਉਨ੍ਹਾਂ ਕਿਹਾ ਕਿ ਭਾਜਪਾ ਦਾ ਸੰਕਲਪ ਹੈ ਕਿ ਕੋਈ ਵੀ ਯੋਗ ਵਿਅਕਤੀ ਸਰਕਾਰੀ ਯੋਜਨਾਵਾਂ ਦੇ ਲਾਭ ਤੋਂ ਵਾਂਝਾ ਨਾ ਰਹੇ | ਇਸ ਮੌਕੇ ਵੱਡੀ ਗਿਣਤੀ 'ਚ ਪਿੰਡ ਵਾਸੀ ਹਾਜ਼ਰ ਸਨ |