ਰੂਪਨਗਰ,31ਅਗਸਤ( ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਖੇਡ ਵਿਭਾਗ ਰੂਪਨਗਰ ਵਲੋਂ ਰਾਸ਼ਟਰੀ ਖੇਡ ਦਿਵਸ ਨੂੰ ਸਮਰਪਿਤ ਤਿੰਨ ਦਿਨਾਂ ਦੇ ਪ੍ਰੋਗਰਾਮਾਂ ਦੀ ਲੜੀ ਅਧੀਨ ਅੱਜ ਤੀਜੇ ਦਿਨ ਸਾਈਕਲ ਰੈਲੀ ਕੱਢੀ ਗਈ | ਰੈਲੀ ਨਹਿਰੂ ਸਟੇਡੀਅਮ ਰੂਪਨਗਰ ਤੋਂ ਸ਼ੁਰੂ ਹੋ ਕੇ ਸ਼ਹੀਦ ਭਗਤ ਸਿੰਘ ਚੌਂਕ (ਬੇਲਾ ਚੌਂਕ) ਪੁੱਜੀ | ਇਸ ਰੈਲੀ ਨੂੰ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਡਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ਇਸ ਮੌਕੇ ਉਨ੍ਹਾਂ ਨੇ ਹਾਜ਼ਰੀਨ ਨੂੰ ਰਾਸ਼ਟਰੀ ਖੇਡ ਦਿਵਸ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਸਾਈਕਲ ਰੈਲੀ ਦਾ ਮੁੱਖ ਮੰਤਵ ਲੋਕਾਂ ਨੂੰ ਚੰਗੀ ਸਿਹਤ ਨਾਲ ਜੋੜਨਾ ਅਤੇ ਤੰਦਰੁਸਤ ਸਮਾਜ ਦੀ ਸਥਾਪਨਾ ਕਰਨਾ ਹੈ | ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸਿਹਤਮੰਦ ਜੀਵਨ ਲਈ ਸਾਨੂੰ ਸਾਈਕਲਿੰਗ, ਖੇਡਾਂ ਅਤੇ ਯੋਗਾ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ | ਵਿਧਾਇਕ ਚੱਡਾ ਨੇ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਵੱਧ ਤੋਂ ਵੱਧ ਸਹਿਯੋਗ ਕਰਨ | ਉਨ੍ਹਾਂ ਕਿਹਾ ਕਿ ਰੂਪਨਗਰ ਦਾ ਨਾਮ ਖੇਡਾਂ ਅਤੇ ਤੰਦਰੁਸਤੀ ਦੇ ਮੈਦਾਨ ਵਿਚ ਮਾਣ ਨਾਲ ਹੋਰ ਉੱਚਾ ਕੀਤਾ ਜਾ ਸਕਦਾ ਹੈ | ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ ਨੇ ਜਾਣਕਾਰੀ ਦਿੱਤੀ ਕਿ ਇਸ ਸਾਈਕਲ ਰੈਲੀ ਵਿੱਚ ਪੈਡਲਰ ਰਨਰ ਕਲੱਬ, ਸਾਈਕਲਿੰਗ ਕਲੱਬ ਰੂਪਨਗਰ ਅਤੇ ਖੇਡ ਵਿਭਾਗ ਦੇ 200 ਤੋਂ ਵੱਧ ਸਾਈਕਲਿਸਟਾਂ ਨੇ ਭਾਗ ਲਿਆ |