ਨੂਰਪੁਰ ਬੇਦੀ, 2 ਸਤੰਬਰ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ, ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ ਬਲਾਕ ਦੇ ਪਿੰਡ ਖੱਡ ਬਠਲੌਰ ਵਿਖੇ ਬੀਤੇ ਦਿਨੀਂ ਆਏ ਹੜ੍ਹ ਦੇ ਪਾਣੀ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਅੱਜ ਹਲਕਾ ਵਿਧਾਇਕ ਦਿਨੇਸ਼ ਚੱਢਾ ਆਪਣੀ ਟੀਮ ਨਾਲ ਪੁੱਜੇ | ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਹੜ੍ਹ ਦੇ ਪਾਣੀ ਨਾਲ ਹੋਏ ਨੁਕਸਾਨ ਤੇ ਪਿੰਡ ਵਾਸੀਆਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ |ਵਿਧਾਇਕ ਚੱਢਾ ਨੇ ਕਿਹਾ ਕਿ ਉਨ੍ਹਾਂ ਵਲੋਂ ਇਸ ਸਬੰਧ ਵਿਚ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ | ਉਨ੍ਹਾਂ ਆਖਿਆ ਕਿ ਇਸ ਕੁਦਰਤੀ ਆਫ਼ਤ ਦੀ ਘੜੀ ਵਿਚ ਉਹ ਤੇ ਉਨ੍ਹਾਂ ਦੀ ਟੀਮ ਦਿਨ ਰਾਤ ਲੋਕਾਂ ਨਾਲ ਖੜ੍ਹੀ ਹੈ | ਪੀੜਤ ਲੋਕਾਂ ਨੂੰ ਕਿਸੀ ਵੀ ਪ੍ਰਕਾਰ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਲੋੜਵੰਦ ਪਿੰਡਾਂ ਵਿਚ ਉਨ੍ਹਾਂ ਦੀ ਟੀਮ ਵਲੋਂ ਪਸ਼ੂਆਂ ਲਈ ਚਾਰਾ ਅਤੇ ਲੋਕਾਂ ਲਈ ਹਰ ਸੰਭਵ ਸਹਾਇਤਾ ਭੇਜੀ ਜਾ ਰਹੀ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਦੇਸ ਰਾਜ ਸੈਣੀਮਾਜਰਾ, ਚੌ. ਹੁਸਨ ਲਾਲ ਚੌਹਾਨ ਅਤੇ ਹੋਰ ਪਾਰਟੀ ਆਗੂ ਤੇ ਪਿੰਡ ਵਾਸੀ ਮੌਜੂਦ ਸਨ | ਇਸੀ ਦੌਰਾਨ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ.ਦਲਜੀਤ ਸਿੰਘ ਚੀਮਾ, ਭਾਈ ਅਮਰਜੀਤ ਸਿੰਘ ਚਾਵਲਾ ਅਤੇ ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਬਾਲਾ ਵੀ ਅਕਾਲੀ ਆਗੂਆਂ ਸਮੇਤ ਖੱਡ ਬਠਲੌਰ ਵਿਖੇ ਲੋਕਾਂ ਦੇ ਦਰਦਾਂ ਵਿਚ ਸ਼ਰੀਕ ਹੋਣ ਪੁੱਜੇ | ਡਾ.ਚੀਮਾ ਤੇ ਹੋਰ ਆਗੂਆਂ ਨੇ ਪਿੰਡ ਵਿਚ ਹੜ੍ਹ ਦੇ ਪਾਣੀ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਪਿੰਡ ਵਾਸੀਆਂ ਨੂੰ ਸ਼ੋ੍ਰਮਣੀ ਅਕਾਲੀ ਦਲ ਦੀ ਤਰਫ਼ੋਂ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਵਾਅਦਾ ਕੀਤਾ | ਉਨ੍ਹਾਂ ਪੀੜਤ ਲੋਕਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਇਸ ਕੁਦਰਤੀ ਆਫ਼ਤ ਵਿਚ ਲੋਕਾਂ ਦਾ ਵੱਡਾ ਨੁਕਸਾਨ ਹੋਇਆ ਹੈ | ਜਿਸ ਨਾਲ ਲੋਕਾਂ ਦੀਆਂ ਫ਼ਸਲਾਂ ਤੇ ਮਕਾਨਾਂ ਨੂੰ ਵੀ ਨੁਕਸਾਨ ਪੁੱਜਾ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਇਸ ਦੁੱਖ ਦੀ ਘੜੀ ਵਿਚ ਹਮੇਸ਼ਾ ਲੋਕਾਂ ਨਾਲ ਖੜ੍ਹੀ ਹੈ | ਇਸ ਮੌਕੇ ਉਨ੍ਹਾਂ ਨਾਲ ਕੁਲਵੀਰ ਸਿੰਘ ਅਸਮਾਨਪੁਰ, ਸਤਨਾਮ ਸਿੰਘ ਝੱਜ, ਗੁਰਦੀਪ ਸਿੰਘ ਬਟਾਰਲਾ ਅਤੇ ਦੇਵ ਸਿੰਘ ਖਟਾਣਾ ਸਮੇਤ ਹੋਰ ਆਗੂ ਵੀ ਹਾਜ਼ਰ ਸਨ |