ਸ੍ਰੀ ਅਨੰਦਪੁਰ ਸਾਹਿਬ 4 ਸਤੰਬਰ (ਜੇ ਐਸ ਨਿੱਕੂਵਾਲ)-ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਵਿੱਤਰ ਸਰੋਵਰ ਦੀ ਸਫ਼ਾਈ ਦੀ ਕਾਰ ਸੇਵਾ ਅੱਜ 5 ਸਤੰਬਰ ਨੂੰ ਸ਼ੁਰੂ ਹੋਵੇਗੀ | ਇਸ ਸਬੰਧੀ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇਹ ਕਾਰ ਸੇਵਾ ਬਾਬਾ ਬਚਨ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਵਲੋਂ ਕੀਤੀ ਜਾਵੇਗੀ | ਜਿਸ ਦੀ ਆਰੰਭਤਾ ਦੀ ਅਰਦਾਸ ਅੱਜ 5 ਸਤੰਬਰ ਨੂੰ ਸਵੇਰੇ 10 ਵਜੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਪੰਜ ਪਿਆਰਿਆਂ ਦੀ ਹਾਜ਼ਰੀ ਵਿਚ ਕੀਤੀ ਜਾਵੇਗੀ | ਜਿਸ ਮੌਕੇ ਪ੍ਰਧਾਨ ਸ਼ੋ੍ਰਮਣੀ ਕਮੇਟੀ ਐਡ. ਹਰਜਿੰਦਰ ਸਿੰਘ ਧਾਮੀ ਅਤੇ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸ੍ਰੀ ਅੰਮਿ੍ਤਸਰ ਸਾਹਿਬ ਵੱਲੋ ਇਸ ਕਾਰ ਸੇਵਾ ਦੀ ਅਰੰਭਤਾ ਕੀਤੀ ਜਾਵੇਗੀ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਇਸ ਸੇਵਾ ਵਿਚ ਹਾਜ਼ਰੀ ਲਗਵਾਉਣਗੀਆਂ |ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਪਵਿੱਤਰ ਸਰੋਵਰ ਦੀ ਸਫ਼ਾਈ ਦੀ ਸੇਵਾ ਵਿਚ ਵੱਧ ਤੋ ਵੱਧ ਹਾਜ਼ਰੀ ਲਗਵਾ ਕੇ ਗੁਰੂ ਸਾਹਿਬ ਦੀਆ ਖ਼ੁਸ਼ੀਆਂ ਪ੍ਰਾਪਤ ਕਰਨ |