ਰੂਪਨਗਰ, 26 ਸਤੰਬਰ (ਸਤਨਾਮ ਸਿੰਘ ਸੱਤੀ)-ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਪਰਾਲੀ ਸਾੜਨ ਨੂੰ ਰੋਕਣ ਲਈ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਪਰਾਲੀ ਖੇਤਾਂ ਵਿਚ ਰਲਾਉਣ ਲਈ ਸਬਸਿਡੀ 'ਤੇ ਮਸ਼ੀਨਰੀ ਮੁਹੱਈਆ ਕਰਵਾ ਰਹੀ ਹੈ, ਜਿਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵੱਧਦੀ ਹੈ ਅਤੇ ਵਾਤਾਵਰਣ ਪ੍ਰਦੂਸ਼ਣ ਤੋਂ ਬਚਾਇਆ ਜਾ ਸਕਦਾ ਹੈ | ਡੀ. ਸੀ. ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਸਾੜਨ ਦੀ ਬਜਾਏ ਸੁਪਰ ਸੀਡਰ, ਬੇਲਰ, ਪਲਟਾਵਾਂ ਹਲ ਅਤੇ ਮਲਚਰ ਵਰਗੀਆਂ ਮਸ਼ੀਨਾਂ ਦੀ ਵਰਤੋਂ ਕਰਨ | ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲਾ ਧੂੰਆ ਮਨੁੱਖੀ ਸਿਹਤ ਅਤੇ ਪ੍ਰਕਿ੍ਤੀ ਲਈ ਨੁਕਸਾਨਦਾਇਕ ਹੈ, ਇਸ ਲਈ ਕਿਸਾਨਾਂ ਨੂੰ ਜ਼ਿੰਮੇਵਾਰੀ ਨਾਲ ਕਦਮ ਚੁੱਕਣੇ ਚਾਹੀਦੇ ਹਨ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ, ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਨੂੰ ਪਿੰਡ ਪੱਧਰ 'ਤੇ ਵੱਧ ਤੋਂ ਵੱਧ ਜਾਗਰੂਕਤਾ ਗਤੀਵਿਧੀਆਂ ਕਰਨ ਲਈ ਹੁਕਮ ਦਿੱਤੇ | ਸਮਾਗਮ ਦੌਰਾਨ ਜਸਜੀਤ ਸਿੰਘ ਮੁੱਖ ਮੰਤਰੀ ਫੀਲਡ ਅਫ਼ਸਰ, ਪੰਕਜ ਸਿੰਘ ਖੇਤੀਬਾੜੀ ਅਫ਼ਸਰ, ਜੁਝਾਰ ਸਿੰਘ ਖੇਤੀਬਾੜੀ ਇੰਜਨੀਅਰ, ਮਨਜੀਤ ਸਿੰਘ, ਆਕਾਸ਼ਦੀਪ ਸਿੰਘ ਉਪ ਨਰੀਖਿਕ ਆਦਿ ਮੌਜੂਦ ਸਨ |