ਨੂਰਪੁਰ ਬੇਦੀ, 27 ਸਤੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਸਿਵਲ ਸਰਜਨ ਰੂਪਨਗਰ ਡਾ. ਸੁਖਵਿੰਦਰਜੀਤ ਸਿੰਘ ਨੇ ਸੀ. ਐਚ. ਸੀ. ਸਿੰਘਪੁਰ, ਪੀ. ਐਚ. ਸੀ. ਝਾਂਡੀਆਂ, ਸਬ ਸੈਂਟਰ ਤਖਤਗੜ੍ਹ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਜਿਵੇਂ ਕਿ ਐਮਰਜੈਂਸੀ, ਲੇਬਰ ਰੂਮ, ਲੈਬੋਰੇਟਰੀ, ਨਰਸਿੰਗ ਰੂਮ, ਓ. ਪੀ. ਡੀ., ਐਕਸ-ਰੇ ਵਿਭਾਗ, ਟੀਕਾਕਰਨ ਕੇਂਦਰ ਤੇ ਵਾਰਡਾਂ ਦੀ ਵਿਸਥਾਰ ਨਾਲ ਜਾਂਚ ਕੀਤੀ | ਉਨ੍ਹਾਂ ਸਟਾਫ਼ ਨੂੰ ਹਦਾਇਤ ਕੀਤੀ ਕਿ ਸਮੇਂ ਸਿਰ ਡਿਊਟੀ 'ਤੇ ਹਾਜ਼ਰ ਰਹਿਣ, ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ, ਹਸਪਤਾਲ 'ਚ ਵਿਸ਼ੇਸ਼ ਸਾਫ਼ ਸਫ਼ਾਈ ਦਾ ਧਿਆਨ ਰੱਖਣ | ਡਾ. ਸਿੰਘ ਨੇ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨਾਂ ਤੋਂ ਇਲਾਜ ਤੇ ਸਹੂਲਤਾਂ ਬਾਰੇ ਜਾਣਕਾਰੀ ਲਈ | ਮਰੀਜ਼ਾਂ ਨੇ ਦੱਸਿਆ ਕਿ ਹਸਪਤਾਲ 'ਚ ਉਨ੍ਹਾਂ ਨੂੰ ਲੋੜੀਂਦੀਆਂ ਸਾਰੀਆਂ ਸਹੂਲਤਾਂ ਸਮੇਂ ਸਿਰ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਸਿਹਤ ਕਰਮਚਾਰੀ ਆਪਣਾ ਫ਼ਰਜ਼ ਨਿਭਾ ਰਹੇ ਹਨ | ਸਿਵਲ ਸਰਜਨ ਡਾ. ਸੁਖਵਿੰਦਰਜੀਤ ਸਿੰਘ ਨੇ ਸੰਤੁਸ਼ਟੀ ਪ੍ਰਗਟ ਕੀਤੀ ਤੇ ਕਿਹਾ ਕਿ ਸਰਕਾਰ ਵਲੋਂ ਆਮ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਸਾਰੇ ਹਸਪਤਾਲਾਂ 'ਚ ਨਿਰੰਤਰ ਸੁਧਾਰ ਕੀਤੇ ਜਾ ਰਹੇ ਹਨ | ਇਸ ਤੋਂ ਇਲਾਵਾ ਟੀਕਾਕਰਨ ਕੇਂਦਰ ਵਿਚ ਬੱਚਿਆਂ ਤੇ ਗਰਭਵਤੀ ਅÏਰਤਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਵੀ ਜਾਇਜ਼ਾ ਲਿਆ | ਉਨ੍ਹਾਂ ਸਟਾਫ਼ ਮੈਂਬਰਾਂ ਨੂੰ ਹਦਾਇਤ ਕੀਤੀ ਕਿ ਮਰੀਜ਼ਾਂ ਨਾਲ ਸਹਿਯੋਗੀ ਰਵੱਈਆ ਰੱਖ ਕੇ ਉਨ੍ਹਾਂ ਦੀਆਂ ਲੋੜਾਂ ਨੂੰ ਤੁਰੰਤ ਪੂਰਾ ਕੀਤਾ ਜਾਵੇ ਤਾਂ ਜੋ ਲੋਕਾਂ ਦਾ ਭਰੋਸਾ ਸਰਕਾਰੀ ਸਿਹਤ ਪ੍ਰਣਾਲੀ 'ਤੇ ਹੋਰ ਮਜ਼ਬੂਤ ਬਣੇ | ਇਸ ਮੌਕੇ ਡਾ. ਅਮਰਜੀਤ ਸਿੰਘ ਸੀਨੀਅਰ ਮੈਡੀਕਲ ਅਫ਼ਸਰ, ਡਾ. ਨਵਨੀਤ ਭਾਰਦਵਾਜ, ਡਾ. ਪਰਵੀਨ, ਨਰਸਾਂ ਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸੀ |