ਮੋਰਿੰਡਾ, 1 ਨਵੰਬਰ (ਤਰਲੋਚਨ ਸਿੰਘ ਕੰਗ)-ਸਿਵਲ ਸਰਜਨ ਰੂਪਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਇੰਦਰਾ ਹਾਈ ਸਕੂਲ ਕਾਈਨੌਰ ਵਿਖੇ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ | ਇਸ ਮੌਕੇ ਸਿਹਤ ਵਿਭਾਗ ਦੀ ਟੀਮ ਨੇ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਮੈਂਬਰਾਂ ਨੂੰ ਤੰਬਾਕੂ ਦੇ ਸਿਹਤ 'ਤੇ ਪੈਣ ਵਾਲੇ ਹਾਨੀਕਾਰਕ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਲਖਮਿੰਦਰ ਸਿੰਘ ਸਿਹਤ ਕਰਮਚਾਰੀ ਨੇ ਦੱਸਿਆ ਕਿ ਤੰਬਾਕੂ ਦੀ ਵਰਤੋਂ ਨਾਲ ਕੈਂਸਰ, ਦਿਲ ਦੀਆਂ ਬਿਮਾਰੀਆਂ, ਸਾਹ ਦੀਆਂ ਤਕਲੀਫਾਂ ਅਤੇ ਹੋਰ ਖਤਰਨਾਕ ਰੋਗ ਪੈਦਾ ਹੁੰਦੇ ਹਨ | ਇਸ ਮੌਕੇ ਸਕੂਲ ਪਿ੍ੰਸੀਪਲ ਕਮਲਦੀਪ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਤੰਬਾਕੂ ਤੋਂ ਦੂਰ ਰਹਿਣ ਦੀ ਅਪੀਲ ਕੀਤੀ | ਸਿਹਤ ਕਰਮਚਾਰੀ ਬੇਅੰਤ ਸਿੰਘ ਨੇ ਕੋਟਪਾ ਐਕਟ 2003 ਬਾਰੇ ਵੀ ਜਾਣਕਾਰੀ ਦਿੱਤੀ | ਜਿਸ ਅਧੀਨ ਸਕੂਲਾਂ, ਸਰਕਾਰੀ ਦਫ਼ਤਰਾਂ ਅਤੇ ਜਨਤਕ ਥਾਵਾਂ 'ਤੇ ਤੰਬਾਕੂ ਦੀ ਵਰਤੋਂ ਕਰਨ ਦੀ ਮਨਾਹੀ ਹੈ |