ਰਾਜਪੁਰਾ, 23 ਨਵੰਬਰ (ਰਣਜੀਤ ਸਿੰਘ)-ਕੇਂਦਰ ਦੀ ਸਰਕਾਰ ਪੰਜਾਬ ਨਾਲ ਹਰ ਖੇਤਰ ਵਿਚ ਸ਼ਰੇ੍ਹਆਮ ਧੱਕਾ ਕਰ ਰਹੀ ਹੈ, ਪੰਜਾਬ ਦੇ ਕਿਸਾਨਾਂ ਦਾ ਹੜ੍ਹਾਂ ਨੇ ਸਾਰਾ ਕੁਝ ਬਰਬਾਦ ਕਰ ਦਿੱਤਾ ਹੈ ਪਰ ਕੇਂਦਰ ਸਰਕਾਰ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਬਜਾਏ ਲਾਰੇ-ਲੱਪੇ ਲਾ ਕੇ ਢੰਗ ਟਪਾਈ ਕਰ ਰਹੀ ਹੈ ਜਦ ਕਿ ਪੰਜਾਬ ਦਾ ਕਿਸਾਨ ਸਾਰੇ ਦੇਸ਼ ਦਾ ਢਿੱਡ ਭਰਦਾ ਹੈ ਪਰ ਕੇਂਦਰ ਦੀਆਂ ਮਾੜੀਆਂ ਨੀਤੀਆਂ ਕਾਰਨ ਕਿਸਾਨ ਆਪ ਭੁੱਖੇ ਢਿੱਡ ਰਹਿਣ ਲਈ ਮਜ਼ਬੂਰ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਿਸਾਨ ਯੂਨੀਅਨ ਸ਼ਾਦੀਪੁਰ ਦੇ ਜਨਰਲ ਸਕੱਤਰ ਕੈਪਟਨ ਮੇਜਰ ਸਿੰਘ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ | ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਦੀਆਂ ਚੋਣਾਂ ਵਿਚ ਜਾਣਬੁਝ ਕੇ ਅੱਗੇ ਪਾ ਕੇ ਪੰਜਾਬ ਦੇ ਹੱਕਾਂ 'ਤੇ ਡਾਕਾ ਮਾਰ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਬੀਤੇ ਦਿਨੀਂ ਪੰਜਾਬ ਵਿਚ ਆਏ ਹੜ੍ਹਾਂ ਕਾਰਨ ਕਈ ਜ਼ਿਲਿ੍ਹਆਂ ਦੇ ਕਿਸਾਨਾਂ ਦੀਆਂ ਫ਼ਸਲਾਂ, ਮਕਾਨਾਂ ਅਤੇ ਪਸ਼ੂਆਂ ਦੇ ਵੱਡੇ ਪੱਧਰ 'ਤੇ ਨੁਕਸਾਨ ਹੋਇਆ ਹੈ | ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਸੈਂਕੜੇ ਇਹੋ ਜਿਹੇ ਕਿਸਾਨ ਹਨ ਜਿਨ੍ਹਾਂ ਦੀ ਝੋਨੇ ਦੀ ਫ਼ਸਲ ਬੁਰੀ ਤਰ੍ਹਾਂ ਨਾਲ ਬਰਬਾਦ ਹੋ ਗਈ ਅਤੇ ਹੜ੍ਹਾਂ ਕਾਰਨ ਉਨ੍ਹਾਂ ਦਾ ਕਣਕ ਬੀਜਣ ਲਈ ਰੱਖਿਆ ਬੀਜ ਵੀ ਖ਼ਰਾਬ ਹੋ ਗਿਆ ਅਤੇ ਉਹ ਕਿਸਾਨ ਹਾਲੇ ਤੱਕ ਕਣਕ ਦੀ ਫ਼ਸਲ ਬੀਜਣ ਤੋਂ ਵੀ ਵਾਂਝੇ ਹੋਏ ਬੈਠੇ ਹਨ | ਇਨ੍ਹਾਂ ਕੁਝ ਹੋਣ ਦੇ ਬਾਵਜੂਦ ਵੀ ਕੇਂਦਰ ਸਰਕਾਰ ਕੰਨਾਂ ਵਿਚ ਤੇਲ ਪਾ ਕੇ ਬੈਠੀ ਹੈ | ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ਦਾ ਮੁਆਵਜ਼ਾ ਜਲਦ ਤੋਂ ਜਲਦ ਕਿਸਾਨਾਂ ਦੇ ਖਾਤਿਆਂ ਵਿਚ ਪਾਇਆ ਜਾਵੇ ਜੇਕਰ ਸਰਕਾਰ ਢਿੱਲਮੱਠ ਦੀ ਨੀਤੀ ਦਾ ਤਿਆਗ ਨਹੀਂ ਕਰਦੀ ਤਾਂ ਕਿਸਾਨ ਯੂਨੀਅਨ ਸ਼ਾਦੀਪੁਰ ਇਸ ਦਾ ਡਟਵਾਂ ਵਿਰੋਧ ਕਰੇਗੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਲਵਜੀਤ ਸਿੰਘ, ਜ਼ਿਲ੍ਹਾ ਪ੍ਰਧਾਨ ਪਟਿਆਲਾ ਭੁਪਿੰਦਰ ਸਿੰਘ ਸ਼ੰਕਰਪੁਰ, ਬਖ਼ਤਾਵਰ ਸਿੰਘ ਗੁਰਦਾਸਪੁਰ, ਗੁਰਲਾਲ ਸਿੰਘ ਵਿਰਕ, ਰਣਜੀਤ ਸਿੰਘ ਜੋਤੀ ਸਰਪੰਚ ਤੇ ਹੋਰ ਹਾਜ਼ਰ ਸਨ |