ਸ੍ਰੀ ਅਨੰਦਪੁਰ ਸਾਹਿਬ, 7 ਦਸੰਬਰ (ਕਰਨੈਲ ਸਿੰਘ)-ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਦੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸਰਹੰਦ ਫ਼ਤਹਿਗੜ੍ਹ ਸਾਹਿਬ ਅਤੇ ਸ਼ਬਦ ਚੌਕੀ ਜਥਾ ਗੁਰਦੁਆਰਾ ਸ਼ੀਸ਼ਗੰਜ ਸਾਹਿਬ ਦਿੱਲੀ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਥਾਨਕ ਇਤਿਹਾਸਿਕ ਅਸਥਾਨ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਬੀਤੀ ਸ਼ਾਮ ਦੇਰ ਰਾਤ ਤੱਕ ਕੀਰਤਨ ਸਮਾਗਮ ਕਰਵਾਇਆ | ਕੀਰਤਨ ਸਮਾਗਮ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ | ਸੰਗਤਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਵਲੋਂ ਕਸ਼ਮੀਰੀ ਪੰਡਿਤਾਂ ਵਲੋਂ ਕੀਤੀ ਫ਼ਰਿਆਦ ਉਪਰੰਤ ਹਿੰਦੂ ਧਰਮ ਦੀ ਰੱਖਿਆ ਖ਼ਾਤਰ ਦਿੱਤੀ ਕੁਰਬਾਨੀ ਤੇ ਇਹ ਕੁਰਬਾਨੀ ਕਰਨ ਲਈ ਆਪਣੇ ਗੁਰੂ ਪਿਤਾ ਨੂੰ ਦਿੱਲੀ ਭੇਜਣ ਵਾਲੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਫ਼ੈਸਲੇ ਨੂੰ ਲਾਸਾਨੀ ਦੱਸਦਿਆਂ ਸਮੂਹ ਸੰਗਤਾਂ ਨੂੰ ਉਨ੍ਹਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦੀ ਅਪੀਲ ਕੀਤੀ | ਕੀਰਤਨ ਸਮਾਗਮ ਦੌਰਾਨ ਗਿਆਨੀ ਗੁਰਦੇਵ ਸਿੰਘ ਆਸਟੇ੍ਰਲੀਆ ਵਾਲੇ, ਭਾਈ ਜਗਜੀਤ ਸਿੰਘ ਬਬੀਹਾ, ਭਾਈ ਸੁਰਿੰਦਰ ਸਿੰਘ ਪਟੇਲ ਨਗਰ ਵਾਲੇ, ਭਾਈ ਤਰਨਵੀਰ ਸਿੰਘ ਰੱਬੀ, ਭਾਈ ਰਵਿੰਦਰ ਸਿੰਘ ਦੇ ਰਾਗੀ ਜਥਿਆਂ ਅਤੇ ਗੁ: ਫ਼ਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਵਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਕੀਰਤਨ ਸਮਾਗਮ ਦੀ ਸਮਾਪਤੀ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵਲੋਂ ਕੀਤੀ ਗਈ | ਸੰਗਤਾਂ 'ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਜਗਨੰਦਨ ਸਿੰਘ, ਸਿੰਘ ਸਾਹਿਬ ਦੇ ਨਿੱਜੀ ਸਹਾਇਕ ਹਰਦੇਵ ਸਿੰਘ ਸਮੇਤ ਇਲਾਕੇ ਦੀਆਂ ਬਹੁਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |