ਰੂਪਨਗਰ, 30 ਦਸੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਦੇ ਨੌਜਵਾਨਾਂ ਨੂੰ ਉੱਚ ਸਿੱਖਿਆ ਅਤੇ ਰੋਜ਼ਗਾਰ ਦੇ ਖੇਤਰ ਵਿਚ ਅੱਗੇ ਵਧਾਉਣ ਦੇ ਉਦੇਸ਼ ਨਾਲ ਆਈ. ਆਈ. ਟੀ. ਰੋਪੜ ਵਲੋਂ ਤਿੰਨ ਦਿਨਾਂ ਸਿੱਖਿਆ ਅਤੇ ਰੋਜ਼ਗਾਰ ਸੰਬੰਧੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਸਰਕਾਰੀ ਬਹੁਤਕਨੀਕੀ ਕਾਲਜ ਦੇ ਵਿਦਿਆਰਥੀਆਂ ਨੇ ਵੀ ਉਤਸ਼ਾਹ ਨਾਲ ਭਾਗ ਲਿਆ | ਇਸ ਉਪਰਾਲੇ ਦਾ ਮਕਸਦ ਪਿਛੜੇ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ, ਸਰਕਾਰੀ ਨੌਕਰੀਆਂ ਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਵੱਲ ਪ੍ਰੇਰਿਤ ਕਰਨਾ ਹੈ | ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਮੁਫ਼ਤ ਕੋਚਿੰਗ, ਅਧਿਐਨ ਸਮਗਰੀ ਅਤੇ ਮਾਹਿਰ ਅਧਿਆਪਕਾਂ ਵਲੋਂ ਮਾਰਗਦਰਸ਼ਨ ਮੁਹੱਈਆ ਕਰਵਾਇਆ ਗਿਆ | ਪ੍ਰੋਗਰਾਮ ਅਧੀਨ ਵਿਦਿਆਰਥੀਆਂ ਨੂੰ ਯੂ.ਪੀ.ਅੱੈਸ.ਸੀ, ਪੀ.ਸੀ.ਐੱਸ, ਐੱਸ.ਐੱਸ.ਸੀ., ਬੈਂਕਿੰਗ ਸਮੇਤ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਇਸ ਦੇ ਨਾਲ ਨਾਲ ਨੌਜਵਾਨਾਂ ਨੂੰ ਨੈਤਿਕ ਕਦਰਾਂ-ਕੀਮਤਾਂ, ਸਮਾਜਿਕ ਜ਼ਿੰਮੇਵਾਰੀਆਂ ਅਤੇ ਸਵੈ-ਰੋਜ਼ਗਾਰ ਦੇ ਮੌਕਿਆਂ ਵੱਲ ਵੀ ਉਤਸ਼ਾਹਿਤ ਕੀਤਾ ਗਿਆ | ਵਿਦਿਆਰਥੀਆਂ ਨੇ ਇਸ ਤਿੰਨ ਦਿਨਾਂ ਸੈਮੀਨਾਰ ਨੂੰ ਆਪਣੇ ਭਵਿੱਖ ਲਈ ਬਹੁਤ ਹੀ ਲਾਭਦਾਇਕ ਦੱਸਦਿਆਂ ਆਈ.ਆਈ.ਟੀ. ਰੋਪੜ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ |