ਰਾਜਾਸਾਂਸੀ, 1 ਸਤੰਬਰ (ਹਰਦੀਪ ਸਿੰਘ ਖੀਵਾ)-ਜ਼ਿਲ੍ਹਾ ਪ੍ਰੀਸ਼ਦ ਅੰਮਿ੍ਤਸਰ ਦੇ ਸਾਬਕਾ ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ ਨੇ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਦੇ ਹਾਲਾਤਾਂ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਅਤੇ ਸੂਬੇ ਦੀ 'ਆਪ' ਸਰਕਾਰ ਦੀ ਮਿਲੀਭੁਗਤ ਕਰਕੇ ਪੰਜਾਬ 'ਚ ਹੜ੍ਹਾਂ ਦੀ ਸਥਿਤੀ ਗੰਭੀਰ ਬਣੀ ਹੈ | ਉਨ੍ਹਾਂ ਕਿਹਾ ਕਿ ਭਾਜਪਾ ਸਿਆਸੀ ਖੇਡਾਂ ਕਰਕੇ ਪਾਣੀ ਨਾਲ ਪੰਜਾਬ ਨੂੰ ਡੋਬਣਾ ਚਾਹੁੰਦੀ ਹੈ ਤਾਂ ਜੋ ਪੰਜਾਬ ਦੀ ਸੱਤਾ 'ਤੇ ਕਾਬਜ਼ ਹੋ ਸਕੇ ਤੇ ਉਨ੍ਹਾਂ ਦੀ ਬੀ ਟੀਮ ਵਜੋਂ ਕੰਮ ਕਰ ਰਹੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਭਾਜਪਾ ਦੀ ਹਮਾਇਤ ਕਰ ਰਹੇ ਹਨ | ਦਿਲਰਾਜ ਸਰਕਾਰੀਆ ਨੇ ਰਾਜਾਸਾਂਸੀ ਤੇ ਅਜਨਾਲਾ ਦੇ ਹੜ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਉਪਰੰਤ ਰਾਜਾਸਾਂਸੀ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਹੜ੍ਹਾਂ ਦੀ ਰੋਕਥਾਮ ਲਈ ਕੋਈ ਠੋਸ ਨੀਤੀ ਨਹੀਂ ਬਣਾਈ, ਜਿਸ ਕਾਰਨ ਸੂਬੇ ਦੇ ਲੋਕਾਂ ਨੂੰ ਹੜ੍ਹਾਂ ਦੀ ਮਾਰ ਝੱਲਣੀ ਪੈ ਰਹੀ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੁਰੰਤ ਵਿਸ਼ੇਸ਼ ਮੁਆਵਜ਼ੇ ਦਾ ਐਲਾਨ ਕਰਨ ਅਤੇ ਇਸ ਮਾਰ ਨੂੰ ਕੁਦਰਤੀ ਆਫ਼ਤ ਐਲਾਨ ਕੇ ਤੁਰੰਤ ਕੇਂਦਰ ਸਰਕਾਰ ਤੋਂ ਵਿਸ਼ੇਸ਼ ਫ਼ੰਡ ਦੀ ਮੰਗ ਕਰਨ | ਇਸ ਮੌਕੇ ਜਸਕਰਨ ਸਿੰਘ ਕੋਹਰੀ, ਪੀ. ਏ. ਰਵੀ ਤੋਂ ਇਲਾਵਾ ਕਾਂਗਰਸੀ ਵਰਕਰ ਹਾਜ਼ਰ ਸਨ |