ਅਜਨਾਲਾ, 4 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਅਨੁਸਾਰ ਅੱਜ ਅੰਮਿ੍ਤਸਰ ਦੀਆਂ ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ ਜਥੇਬੰਦੀਆ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਆ ਰਹੀ ਸੰਗਤ ਅਤੇ ਸਮਾਜ ਸੇਵੀ ਜਥੇਬੰਦੀਆਂ ਨਾਲ ਸਹਿਯੋਗ ਕਰਨ ਲਈ ਅਤੇ ਆਪਣੇ ਵਲੋਂ ਲੋੜਵੰਦਾਂ ਤੱਕ ਰਾਹਤ ਸਮੱਗਰੀ ਪਹੁੰਚਾਉਣ ਲਈ ਅੱਡਾ ਮਹਿਲ ਬੁਖਾਰੀ ਵਿਚ ਕੈਂਪ ਦੀ ਸ਼ੁਰੂਆਤ ਕੀਤੀ ਗਈ | ਹਾਜ਼ਰ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ, ਜਮਹੂਰੀ ਕਿਸਾਨ ਸਭਾ ਦੇ ਆਗੂ ਗੁਰਨਾਮ ਸਿੰਘ ਉਮਰਪੁਰਾ ਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਧੰਨਵੰਤ ਸਿੰਘ ਖਤਰਾਏ ਕਲਾਂ ਨੇ ਦੱਸਿਆ ਕਿ ਫ਼ੈਸਲਾ ਕੀਤਾ ਹੈ ਕਿ ਹਾੜੀ ਦੀ ਫਸਲ ਪੱਕਣ ਤੱਕ ਸੰਯੁਕਤ ਕਿਸਾਨ ਮੋਰਚਾ ਕਿਸਾਨਾਂ ਦੀ ਮਦਦ ਕਰੇਗਾ ਤੇ ਕਿਸਾਨਾਂ ਮਜ਼ਦੂਰਾਂ ਲਈ ਪਸ਼ੂਆਂ ਦੇ ਚਾਰੇ ਅਤੇ ਫ਼ਸਲ ਬੀਜਣ ਲਈ ਬੀਜ,ਖਾਦ ਆਦਿ ਦਾ ਪ੍ਰਬੰਧ ਕਰੇਗਾ | ਇਸ ਲਈ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਗਰੁੱਪ ਬਣਾਕੇ ਕੈਂਪ ਲਗਾਏ ਜਾਣਗੇ | ਇਸ ਮੌਕੇ ਕਿਸਾਨ ਆਗੂ ਸਤਨਾਮ ਸਿੰਘ ਝੰਡੇਰ, ਮੇਜਰ ਸਿੰਘ ਜੌਹਲ, ਸੁਖਵਿੰਦਰ ਸਿੰਘ ਕਿਆਮਪੁਰ, ਗੁਰਸ਼ਰਨ ਸਿੰਘ ਰਾਣੇਵਾਲੀ, ਰਜਿੰਦਰ ਸਿੰਘ ਭਲਾ ਪਿੰਡ, ਬਲਦੇਵ ਸਿੰਘ ਸਹਿੰਸਰਾ, ਗੁਰਿੰਦਰ ਸਿੰਘ ਬਾਠ ਆਦਿ ਹਾਜ਼ਰ ਸਨ |