ਅਜਨਾਲਾ/ਗੱਗੋਮਾਹਲ/ਰਮਦਾਸ, 5 ਸਤੰਬਰ (ਢਿੱਲੋਂ/ਸੰਧੂ/ ਜਸਵੰਤ ਸਿੰਘ ਵਾਹਲਾ)-ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਖਰੜ ਤੋਂ ਵਿਧਾਇਕਾ ਅਨਮੋਲ ਗਗਨ ਮਾਨ ਰਾਹਤ ਸਮੱਗਰੀ, ਫੋਲਡਿੰਗ ਮੰਜੇ, ਤਰਪਾਲਾਂ, ਪਸ਼ੂਆਂ ਲਈ ਚਾਰਾ ਅਤੇ ਘਰੇਲੂ ਵਰਤੋਂ ਵਿਚ ਆਉਣ ਵਾਲਾ ਸਾਮਾਨ ਲੈ ਕੇ ਅਜਨਾਲਾ ਪਹੁੰਚੇ, ਜਿੱਥੇ ਉਨ੍ਹਾਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨਾਲ ਟਰੈਕਟਰ 'ਤੇ ਸਵਾਰ ਹੋ ਕੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਦਿਆਂ ਜਿੱਥੇ ਹੜ੍ਹਾਂ ਤੋਂ ਪੀੜਤ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਉੱਥੇ ਹੀ ਉਨ੍ਹਾਂ ਨੂੰ ਖਾਣ ਲਈ ਰਾਸ਼ਨ, ਮੰਜੇ, ਗਰਮ ਕੱਪੜੇ ਅਤੇ ਪਸ਼ੂਆਂ ਲਈ ਚਾਰਾ ਵੰਡਿਆ ਗਿਆ | ਇਸ ਮੌਕੇ ਵਿਧਾਇਕਾ ਅਨਮੋਲ ਗਗਨ ਮਾਨ ਨੇ ਕਿਹਾ ਕਿ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦਿਨ ਰਾਤ ਹਲਕਾ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸੇਵਾ ਕਰ ਰਹੇ ਹਨ ਅਤੇ ਉਨ੍ਹਾਂ ਵਲੋਂ ਕੀਤੇ ਹੁਕਮ ਅਨੁਸਾਰ ਹੀ ਅੱਜ ਉਹ ਰਾਹਤ ਸਮੱਗਰੀ ਲੈ ਕੇ ਇੱਥੇ ਪਹੁੰਚੇ ਹੋਏ ਹਨ | ਉਨ੍ਹਾਂ ਅੱਗੇ ਕਿਹਾ ਕਿ ਹਲਕਾ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਇਸ ਔਖੀ ਘੜੀ ਵਿਚ ਦਿਨ-ਰਾਤ ਆਪਣੇ ਹਲਕੇ ਦੇ ਲੋਕਾਂ ਦੀ ਸੇਵਾ ਕਰ ਰਹੇ ਹਨ ਜਿਸਤੇ ਸਮੁੱਚੀ ਆਮ ਆਦਮੀ ਪਾਰਟੀ ਨੂੰ ਸ. ਧਾਲੀਵਾਲ 'ਤੇ ਫਖ਼ਰ ਹੈ | ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਲੈ ਕੇ ਆਉਣ ਲਈ ਵਿਧਾਇਕ ਅਨਮੋਲ ਗਗਨ ਮਾਨ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲ, ਗੁਰਜੰਟ ਸਿੰਘ ਸੋਹੀ, ਜ਼ਿਲ੍ਹਾ ਦੇਹਾਤੀ ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ, ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁੁਰਾ, ਜ਼ਿਲ੍ਹਾ ਦੇਹਾਤੀ ਪ੍ਰਧਾਨ ਗੁਰਪ੍ਰਤਾਪ ਸਿੰਘ ਸੰਧੂ, ਹਲਕਾ ਕੋਆਰਡੀਨੇਟਰ ਹਰਪ੍ਰੀਤ ਸਿੰਘ ਸੋਹਲ, ਸਰਪੰਚ ਪੰਥਜੀਤ ਸਿੰਘ, ਯੂਥ ਪ੍ਰਧਾਨ ਵਿੱਕੀ ਸੰਧੂ ਵੰਝਾਂਵਾਲਾ, ਸਰਪੰਚ ਇਕਬਾਲ ਸਿੰਘ ਰਿਆੜ, ਗੁਰਨਾਮ ਸਿੰਘ ਕਮੀਰਪੁਰਾ ਅਤੇ ਪਰਮਜੀਤ ਸਿੰਘ ਤੇ ਹੋਰ ਹਾਜ਼ਰ ਸਨ |