ਅਜਨਾਲਾ, 26 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਕਾਰੀ ਆਈ.ਟੀ. ਆਈਜ਼ ਠੇਕਾ ਯੂਨੀਅਨ ਪੰਜਾਬ ਦੇ ਬੈਨਰ ਹੇਠ ਆਮ ਆਦਮੀ ਪਾਰਟੀ ਪ੍ਰਧਾਨ, ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਲਈ ਬਣਾਈ ਸਬ ਕਮੇਟੀ ਦੇ ਮੈਂਬਰ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਹਲਕੇ ਸੁਨਾਮ ਵਿਖੇ 5 ਅਕਤੂਬਰ ਨੂੰ ਧਰਨਾ ਦਿੰਦਿਆਂ ਉਨ੍ਹਾਂ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਹਰਸਿਮਰਨਜੀਤ ਸਿੰਘ ਹਰੜ ਨੇ ਦੱਸਿਆ ਕਿ ਕਿ ਅਸੀਂ ਪਿਛਲੇ 15-16 ਸਾਲਾਂ ਤੋਂ ਪੰਜਾਬ ਦੀਆਂ ਸਰਕਾਰੀ ਆਈ. ਟੀ. ਆਈਜ਼ ਵਿਚ ਗਰੁੱਪ ਬੀ ਕਰਾਫ਼ਟ ਇੰਸਟਰਕਟਰ ਵਜੋਂ ਬਿਨਾਂ ਕਿਸੇ ਸਰਕਾਰੀ ਸਹੂਲਤਾਂ ਤੋਂ ਠੇਕੇ ਉੱਪਰ ਸਿਰਫ਼ 15000 ਪ੍ਰਤੀ ਮਹੀਨਾ ਉੱਪਰ ਆਪਣਾ ਸ਼ੋਸ਼ਣ ਕਰਵਾ ਰਹੇ ਹਾਂ | ਉਨ੍ਹਾਂ ਦੱਸਿਆ ਕਿ ਅਸੀਂ ਡੀ. ਜੀ. ਟੀ. ਭਾਰਤ ਸਰਕਾਰ ਵਲੋਂ ਮੰਗੀਆਂ ਜਾਂਦੀਆਂ ਸਾਰੀਆਂ ਵਿੱਦਿਅਕ ਯੋਗਤਾਵਾਂ ਪੂਰੀਆਂ ਕਰਦੇ ਹਾਂ, ਪ੍ਰੰਤੂ ਫਿਰ ਵੀ ਸਾਡੇ ਨਾਲ ਪੰਜਾਬ ਸਰਕਾਰ ਸ਼ਰੇਆਮ ਧੱਕਾ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਉੱਪਰ ਧਿਆਨ ਨਹੀਂ ਦੇਵੇਗੀ ਤਾਂ ਆਉਣ ਵਾਲੇ ਦਿਨਾਂ ਵਿਚ ਬਾਕੀ ਕੈਬਨਿਟ ਮੰਤਰੀਆਂ ਅਤੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਵੀ ਕੀਤਾ ਜਾਵੇਗਾ |