ਅਜਨਾਲਾ, 31 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਸ਼੍ਰੀ ਅੰਮਿ੍ਤਸਰ ਸਾਹਿਬ ਵਲੋਂ ਮਹਾਨ ਗੁਰਮਤਿ ਸਮਾਗਮ ਸ਼ਹਿਰ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਕਰਵਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਧਰਮ ਪ੍ਰਚਾਰ ਕਮੇਟੀ ਦੇ ਢਾਡੀ ਜਥੇ ਭਾਈ ਦਲਜੀਤ ਸਿੰਘ ਵਿਛੋਆ ਅਤੇ ਪ੍ਰਚਾਰਕ ਭਾਈ ਬਲਕਾਰ ਸਿੰਘ ਅਜਨਾਲਾ ਨੇ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਇਤਿਹਾਸ ਤੋਂ ਜਾਣੂ ਕਰਵਾਇਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਬਲਵੰਤ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਪ੍ਰਚਾਰਕ ਭਾਈ ਬਲਕਾਰ ਸਿੰਘ ਅਜਨਾਲਾ ਅਤੇ ਭਾਈ ਦਲਜੀਤ ਸਿੰਘ ਵਿਛੋਆ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜਿੰਦਰ ਸਿੰਘ ਮਾਹਲ ਅਤੇ ਰਛਪਾਲ ਸਿੰਘ ਕਾਲੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |