ਰਾਮ ਤੀਰਥ, 20 ਦਸੰਬਰ (ਧਰਵਿੰਦਰ ਸਿੰਘ ਔਲਖ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਵਿਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਿਦਿਆਰਥੀਆਂ ਦੀ ਵਿਦਿਅਕ ਕਾਰਗੁਜਾਰੀ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਤੋਂ ਜਾਣੂੰ ਕਰਵਾਉਣ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਹਾਲੀ ਵਿਚ ਪਿ੍ੰ: ਜਸਬੀਰ ਸਿੰਘ ਦੀ ਅਗਵਾਈ ਹੇਠ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ | ਵਾਈਸ ਪਿ੍ੰ: ਹਰਿੰਦਰ ਪਾਲ ਕੌਰ ਗਿੱਲ ਨੇ ਦੱਸਿਆ ਕਿ ਮਾਪਿਆਂ ਦੀ 100 ਫੀਸਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਵਿਭਾਗ ਵਲੋਂ ਵਿਸੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਇਸ ਮੈਗਾ ਮਾਪੇ-ਅਧਿਆਪਕ ਮਿਲਣੀ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਦੀ ਦਿਲਚਸਪ ਗਤੀਵਿਧੀਆਂ ਨਾਲ ਇਕ ਘੰਟੇ ਦੀ ਵਰਕਸ਼ਾਪ, ਵਿਦਿਆਰਥੀਆਂ ਦੇ ਹੁਣ ਤੱਕ ਦੀ ਸਮੁੱਚੀ ਕਾਰਗੁਜਾਰੀ, ਸਰਕਾਰੀ ਸਕੂਲਾਂ ਵਿਚ ਮਿਲਦੀਆਂ ਸਹੂਲਤਾਂ, ਸਰਕਾਰੀ ਸਕੂਲਾਂ ਦੀ ਸਿੱਖਿਆ ਲਈ ਆਧੁਨਿਕ ਸਿੱਖਣ ਸਿਖਾਉਣ ਦੀਆਂ ਤਕਨੀਕਾਂ ਸੰਬੰਧੀ ਜਾਣਕਾਰੀ, ਅਧਿਆਪਕਾਂ ਤੇ ਮਾਪਿਆਂ ਵਿਚ ਸਿੱਧੇ ਆਪਸੀ ਸੰਪਰਕ ਰਾਹੀਂ ਗੱਲਬਾਤ ਦੌਰਾਨ ਵਿਦਿਆਰਥੀ ਦੀ ਫੀਡਬੈਕ, ਨਵੇਂ ਸੈਸ਼ਨ ਦੌਰਾਨ ਵਿਦਿਆਰਥੀਆਂ ਦੇ ਨਵੇਂ ਦਾਖਲੇ ਨੂੰ ਵਧਾਉਣ ਸੰਬੰਧੀ ਗੱਲਬਾਤ ਨਾਲ ਨਾਲ ਸਰਕਾਰੀ ਸਕੂਲਾਂ ਵਿਚ ਸਿੱਖਿਆ ਹਾਸਿਲ ਕਰ ਰਹੇ ਵਿਦਿਆਰਥੀਆਂ ਦੀ 100 ਫੀਸਦੀ ਹਾਜ਼ਰੀ ਯਕੀਨੀ ਬਣਾਉਣ ਅਤੇ ਜੀਰੋ ਡਰਾਪਆਊਟ ਤੇ ਸਕੂਲੋਂ ਵਿਰਵੇ ਬੱਚਿਆਂ ਨੂੰ ਸਕੂਲੀ ਸਿੱਖਿਆ ਨਾਲ ਜੋੜਨ ਹਿੱਤ ਕੀਤੇ ਜਾਣ ਵਾਲੇ ਉਪਰਾਲਿਆਂ ਸੰਬੰਧੀ ਵਿਚਾਰ ਚਰਚਾ ਕੀਤੀ ਗਈ | ਬੱਚੇ ਦੀ ਸਕੂਲ ਅਤੇ ਘਰ ਵਿਚ ਸਿੱਖਿਆ ਵਿਚ ਮਦਦ ਕਰਨ ਲਈ ਮਾਪਿਆਂ ਦੀ ਭੂਮਿਕਾ ਸੰਬੰਧੀ ਸਹੁੰ ਵੀ ਚੁਕਾਈ ਗਈ | ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਬਾਬਾ ਧਰਮ ਸਿੰਘ, ਉਪ ਚੇਅਰਮੈਨ ਅਤੇ ਮੈਂਬਰ ਪੰਚਾਇਤ ਡਾ. ਅਰਜਿੰਦਰ ਸਿੰਘ ਕੋਹਾਲੀ, ਸਰਪੰਚ ਗੁਰਜੰਟ ਸਿੰਘ ਗੋਰੂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਮਾਪਿਆਂ ਅਤੇ ਅਧਿਆਪਕਾਂ ਵਿਚ ਇਕ ਨਾਤਾ ਰੱਖਣ ਵਾਸਤੇ ਇਹੋ ਜਿਹੀਆਂ ਮੀਟਿੰਗਾਂ ਦੀ ਬਹੁਤ ਮਹੱਤਤਾ ਹੈ ਅਤੇ ਇਹ ਸਿਲਸਿਲਾ ਲਗਾਤਾਰ ਚੱਲਦਾ ਰਹਿਣਾ ਚਾਹੀਦਾ ਹੈ | ਮੰਚ ਸੰਚਾਲਕ ਦੇ ਫਰਜ ਮਾਸਟਰ ਮਨਜੀਤ ਸਿੰਘ ਵਲੋਂ ਬਾਖੂਬੀ ਨਿਭਾਈ ਗਏ | ਇਸ ਸਮੇਂ ਸਾਬਕਾ ਸਰਪੰਚ ਲਖਬੀਰ ਸਿੰਘ ਕੋਹਾਲੀ, ਮੈਂਬਰ ਪੰਚਾਇਤ ਬਾਬਾ ਅਵਤਾਰ ਸਿੰਘ, ਗੁਰਬੀਰ ਸਿੰਘ ਕੋਹਾਲੀ, ਮਲਕੀਤ ਪਹਿਲਵਾਨ, ਗੁਰਪ੍ਰੀਤ ਸਿੰਘ, ਗੁਰਵਿੰਦਰ ਕੌਰ ਆਦਿ ਹਾਜ਼ਰ ਸਨ |
ਸ. ਸ. ਸ. ਸ. ਕੋਹਾਲੀ ਵਿਚ ਕਰਵਾਈ ਮੈਗਾ ਮਾਪੇ ਅਧਿਆਪਕ ਮਿਲਣੀ
ਅਜੀਤ ਡੈਸਕ
21-12-2025