ਚਵਿੰਡਾ ਦੇਵੀ, 21 ਦਸੰਬਰ (ਸਤਪਾਲ ਸਿੰਘ ਢੱਡੇ)-ਹਾਲ ਹੀ ਵਿਚ ਹੋਈਆਂ ਪੰਜਾਬ ਵਿਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਵਿਧਾਨ ਸਭਾ ਹਲਕਾ ਮਜੀਠਾ ਵਿਚ ਹੋਈ ਵੱਡੀ ਜਿੱਤ 'ਤੇ ਵੋਟਰਾਂ ਦਾ ਧੰਨਵਾਦ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 18 ਜਨਵਰੀ ਨੂੰ ਵਿਧਾਨ ਸਭਾ ਹਲਕਾ ਮਜੀਠਾ ਵਿਚ ਆਉਣਗੇ ਅਤੇ ਲੋਕਾਂ ਦਾ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਧੰਨਵਾਦ ਕਰਨਗੇ | ਇਹ ਵਿਚਾਰ ਵਿਧਾਨ ਸਭਾ ਹਲਕਾ ਮਜੀਠਾ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਮਜੀਠਾ ਵਿਚ ਬਲਾਕ ਸੰਮਤੀ ਦੀਆਂ ਕੁੱਲ 33 ਸੀਟਾਂ ਹਨ, ਜਿਨ੍ਹਾਂ ਵਿਚੋਂ ਆਮ ਆਦਮੀ ਪਾਰਟੀ ਨੇ 29 ਸੀਟਾਂ 'ਤੇ ਜਿੱਤ ਪ੍ਰਾਪਤ ਕੀਤੀ ਹੈ | ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਮਜੀਠਾ ਵਿਚ ਜ਼ਿਲ੍ਹਾ ਪ੍ਰੀਸ਼ਦ ਦੀਆਂ ਕੁੱਲ ਚਾਰ ਸੀਟਾਂ ਹਨ ਜਿਨ੍ਹਾਂ ਵਿਚੋਂ ਆਮ ਆਦਮੀ ਪਾਰਟੀ ਦੇ ਤਿੰਨ ਉਮੀਦਵਾਰ ਜੇਤੂ ਰਹੇ ਹਨ | ਉਨ੍ਹਾਂ ਕਿਹਾ ਕਿ ਮਜੀਠਾ ਹਲਕੇ ਦੇ ਵੋਟਰਾਂ ਦਾ ਧੰਨਵਾਦ ਕਰਨ ਲਈ ਵਿਸ਼ੇਸ਼ ਤੌਰ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਿਸ਼ੇਸ਼ ਤੌਰ 'ਤੇ ਪੁੱਜਣਗੇ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਮਜੀਠਾ ਦੇ ਰਹਿੰਦੇ ਵਿਕਾਸ ਕੰਮਾਂ ਤੋਂ ਭਗਵੰਤ ਮਾਨ ਨੂੰ ਜਾਣੂ ਕਰਵਾਇਆ ਜਾਵੇਗਾ ਤਾਂ ਕਿ ਰਹਿੰਦੇ ਵਿਕਾਸ ਕੰਮਾਂ ਨੂੰ ਜਲਦ ਤੋਂ ਜਲਦ ਨੇਪਰੇ ਚਾੜਿ੍ਹਆ ਜਾ ਸਕੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਪ੍ਰਧਾਨ ਮਨਜਿੰਦਰ ਸਿੰਘ ਮਾਗਾਸਰਾਏ, ਸਰਪੰਚ ਰਵਿੰਦਰ ਸਿੰਘ ਹਦਾਇਤਪੁਰਾ, ਸਾਬਕਾ ਸਰਪੰਚ ਤੇ ਬਲਾਕ ਸੰਮਤੀ ਮੈਂਬਰ ਪ੍ਰੇਮ ਸਿੰਘ ਸੋਨੀ ਕੱਥੂ ਨੰਗਲ, ਐਸੀ ਵਿੰਗ ਦੇ ਹਲਕਾ ਮਜੀਠਾ ਦੇ ਪ੍ਰਧਾਨ ਸਰਪੰਚ ਰਾਜਕੁਮਾਰ ਲੱਧੁੜ, ਸਰਪੰਚ ਗੁਰਪ੍ਰੀਤ ਸਿੰਘ ਹਾਂਸ ਆਦਿ ਆਗੂ ਹਾਜ਼ਰ ਸਨ |