ਚਵਿੰਡਾ ਦੇਵੀ, 23 ਦਸੰਬਰ (ਸਤਪਾਲ ਸਿੰਘ ਢੱਡੇ)-ਅੱਜ ਸਿੱਖ ਭਾਈਚਾਰਾ ਦੁਨੀਆਂ ਦੇ ਕੋਨੇ ਕੋਨੇ 'ਚ ਬੈਠਾ ਹੈ ਅਤੇ ਉਹ ਆਪਣੇ ਗੁਰੂਆਂ ਦੇ ਦਿਨ ਤਿਉਹਾਰ ਮਨਾਉਣ 'ਚ ਵਿਸ਼ਵਾਸ ਰੱਖਦਾ ਹੈ | ਪਰ ਅਨੇਕਾਂ ਘਟਨਾ ਇਹੋ ਜਿਹੀਆਂ ਵਾਪਰਦੀਆਂ ਹਨ ਜਿਸ ਨਾਲ ਸਿੱਖ ਭਾਈਚਾਰੇ ਨੂੰ ਠੇਸ ਪਹੁੰਚਦੀ ਹੈ | ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਦੁਨੀਆ ਦੇ ਕੋਨੇ ਕੋਨੇ ਵਿਚ ਬੈਠੇ ਸਿੱਖ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਣਾਵੇ | ਇਹ ਵਿਚਾਰ ਅੱਜ ਆਮ ਆਦਮੀ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ | ਉਨ੍ਹਾਂ ਕੇਂਦਰ ਸਰਕਾਰ ਕੋਲੋਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਵਿਦੇਸ਼ ਮੰਤਰੀ ਡਾ. ਐੱਸ. ਜੈ ਸ਼ੰਕਰ ਕੋਲੋਂ ਨਿਊਜ਼ੀਲੈਂਡ ਵਿਖੇ ਨਗਰ ਕੀਰਤਨ ਨੂੰ ਰੋਕਣ ਦੇ ਮੁੱਦੇ 'ਤੇ ਦਖ਼ਲ ਦੇਣ ਦੀ ਮੰਗ ਕੀਤੀ ਹੈ | ਤਲਬੀਰ ਨੇ ਕਿਹਾ ਕਿ ਭਾਰਤ ਸਰਕਾਰ ਨਿਊਜ਼ੀਲੈਂਡ ਸਰਕਾਰ ਕੋਲ ਕੂਟਨੀਤਕ ਪੱਧਰ 'ਤੇ ਮਾਮਲਾ ਉਠਾ ਕੇ ਉੱਥੇ ਭਵਿੱਖ ਵਿਚ ਨਗਰ ਕੀਰਤਨ ਵਰਗੇ ਧਾਰਮਿਕ ਸਮਾਗਮਾਂ ਦੀ ਨਿਰਵਿਘਨਤਾ, ਸਿੱਖ ਭਾਈਚਾਰੇ ਦੇ ਧਾਰਮਿਕ ਅਧਿਕਾਰਾਂ ਦੀ ਪੂਰੀ ਸੁਰੱਖਿਆ ਅਤੇ ਹਿੰਦੂ-ਸਿੱਖ ਸਮੇਤ ਸਮੂਹ ਭਾਰਤੀ ਭਾਈਚਾਰੇ ਲਈ ਸੁਰੱਖਿਅਤ ਤੇ ਸਹਿਯੋਗੀ ਮਾਹੌਲ ਮੁਹੱਈਆ ਕਰਵਾਏ |