ਹਰਸਾ ਛੀਨਾ, 28 ਦਸੰਬਰ (ਕੜਿਆਲ)- ਸਥਾਨਕ ਬਲਾਕ ਅਧੀਨ ਪੈਂਦੇ ਪਿੰਡ ਹਰਸਾ ਛੀਨਾ ਵਿਚਲਾ ਕਿਲ੍ਹਾ ਵਿਖੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਛੀਨਾ ਦੀ ਅਗਵਾਈ ਹੇਠ ਮਗਨਰੇਗਾ ਸਕੀਮ ਅਧੀਨ ਕੰਮ ਕਰਦੇ ਮਜ਼ਦੂਰਾਂ ਦਾ ਵੱਡਾ ਇਕੱਠ ਹੋਇਆ ਜਿਸ ਵਿਚ ਹਾਜਰ ਕਿਸਾਨਾਂ, ਮਜ਼ਦੂਰਾਂ ਅਤੇ ਮਗਨਰੇਗਾ ਕਾਮਿਆਂ ਵਲੋਂ ਕੇਂਦਰ ਸਰਕਾਰ ਦੀ ਲੋਕ ਵਿਰੋਧੀ ਨੀਤੀਆਂ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਸੰਬੰਧੀ ਵੱਡੀ ਗਿਣਤੀ ਵਿਚ ਇਕੱਤਰ ਕਿਸਾਨਾਂ, ਮਜ਼ਦੂਰਾਂ ਅਤੇ ਮਨਰੇਗਾ ਕਾਮਿਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਾਰਪੋਰੇਟ ਘਰਾਣਿਆਂ ਦੇ ਦਬਾਅ ਹੇਠ ਮਗਨਰੇਗਾ ਸਕੀਮ ਨੂੰ ਬੰਦ ਕਰਨ, ਬਿਜਲੀ ਸੋਧ ਬਿੱਲ 2025, ਬੀਜ ਬਿੱਲ, ਇਕ ਰਾਸ਼ਟਰ ਇਕ ਪੰਜੀਕਰਨ ਦੀ ਨੀਤੀ ਨੂੰ ਲਾਗੂ ਕਰਨ ਲਈ ਬਿੱਲ ਪਾਸ ਕਰਨ ਦੀ ਕੋਝੀ ਸਾਜਿਸ਼ ਰਚੀ ਜਾ ਰਹੀ ਹੈ ਜਿਸ ਨੂੰ ਦੇਸ਼ ਦਾ ਕਿਸਾਨ-ਮਜ਼ਦੂਰ ਕਦੇ ਵੀ ਮਨਜ਼ੂਰ ਨਹੀਂ ਕਰੇਗਾ | ਉਨ੍ਹਾਂ ਦੱਸਿਆ ਕਿ ਲੋਕ ਵਿਰੋਧੀ ਬਿੱਲਾਂ ਦੇ ਖਿਲਾਫ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ ਪਿੰਡਾਂ ਵਿਚ ਜਾਗਰੂਕਤਾ ਮੁਹਿੰਮ ਚਲਾ ਕੇ ਲੋਕਾਂ ਨੂੰ ਕੇਂਦਰ ਦੀ ਲੋਕ ਮਾਰੂ ਨੀਤੀਆਂ ਖਿਲਾਫ ਸੰਗਠਿਤ ਕਰਕੇ ਲੋਕ ਲਹਿਰ ਉਸਾਰੀ ਜਾਵੇਗੀ | ਇਸ ਸਮੇਂ ਕਾਬਲ ਸਿੰਘ ਛੀਨਾ, ਬੀਬੀ ਦਾਨੀ, ਬੀਬੀ ਬੀਰੋ, ਪਲਵਿੰਦਰ ਕੌਰ, ਮਨਦੀਪ ਕੌਰ, ਗਿਆਨ ਕੌਰ, ਮੁਖਤਾਰ ਸਿੰਘ, ਪਾਲ ਸਿੰਘ, ਗਿਆਨ ਸਿੰਘ, ਅਵਤਾਰ ਸਿੰਘ ਛੀਨਾ, ਸਾ. ਸਰਪੰਚ ਸਾਧਾ ਸਿੰਘ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ |