ਪਟਿਆਲਾ, 31 ਮਈ (ਧਰਮਿੰਦਰ ਸਿੰਘ ਸਿੱਧੂ)-ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦੇ ਦਿਹਾੜੇ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ ਅਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ | ਇਸ ਦੌਰਾਨ ਜਿੱਥੇ ਸੰਗਤਾਂ ਨੇ ਗੁਰੂ ਘਰ ਦੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ, ਉੱਥੇ ਹੀ ਪੰਗਤ ਅਤੇ ਸੰਗਤ ਦਾ ਅਨੰਦ ਵੀ ਮਾਣਿਆ | ਤੜਕ ਸਵੇਰੇ ਕਵਾੜ ਖੁੱਲ੍ਹਣ ਮਗਰੋਂ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਪਵਿੱਤਰ ਦਿਹਾੜੇ ਮੌਕੇ ਗੁਰੂ ਘਰ ਦੇ ਦੀਵਾਨਾ ਵਿਚ ਨਿਰੰਤਰ ਗੁਰਬਾਣੀ ਪ੍ਰਵਾਹ ਚੱਲਿਆ ਇਸ ਦੌਰਾਨ ਢਾਡੀ ਕਵੀਸ਼ਰੀ ਜਥਿਆਂ ਨੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਤਿਹਾਸ ਦੀ ਰੌਸ਼ਨੀ ਵਿਚ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕੀਤਾ | ਧਾਰਮਿਕ ਦੀਵਾਨਾਂ ਵਿਚ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਗੁਰਦੁਆਰਾ ਪ੍ਰਬੰਧਕਾਂ ਨੇ ਸ਼ਿਰਕਤ ਕੀਤੀ | ਇਸ ਮੌਕੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਜਿੱਥੇ ਪੰਚਮ ਪਾਤਸ਼ਾਹ ਦੀ ਸ਼ਹੀਦੀ ਦਾ ਜ਼ਿਕਰ ਕੀਤਾ, ਉੱਥੇ ਹੀ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ 350 ਸਾਲਾ ਸ਼ਹੀਦੀ ਦਿਹਾੜਾ ਅਤੇ ਦਸਮੇਸ਼ ਪਿਤਾ ਦੇ ਗੁਰਤਾਗੱਦੀ ਬਾਬਤ ਜਾਣੂੰ ਕਰਵਾਇਆ ਕਿ ਸ਼੍ਰੋਮਣੀ ਕਮੇਟੀ ਗੁਰੂ ਸਾਹਿਬ ਦਾ ਸ਼ਹੀਦੀ ਦਿਹਾੜਾ ਸ਼ਤਾਬਦੀ ਗੁਰੂ ਸਾਹਿਬ ਦੀ ਪਾਵਨ ਧਰਤੀ ਆਨੰਦਪੁਰ ਸਾਹਿਬ ਵਿਖੇ ਮਨਾ ਰਹੀ, ਜਿਸ ਦਾ ਮੰਤਵ ਗੁਰੂ ਸਾਹਿਬ ਦਾ ਗੁਰਬਾਣੀ ਪ੍ਰਚਾਰ ਕਰਨਾ ਤਾਂ ਕਿ ਘਰ-ਘਰ ਗੁਰੂ ਸਾਹਿਬ ਦਾ ਫ਼ਲਸਫ਼ੇ ਪਹੁੰਚ ਸਕੇ | ਧਾਰਮਿਕ ਸਮਾਗਮ ਦੌਰਾਨ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਭਾਗ ਸਿੰਘ, ਐਡੀਸ਼ਨਲ ਮੈਨੇਜਰ ਜਸਵਿੰਦਰ ਸਿੰਘ, ਮੀਤ ਮੈਨੇਜਰ ਗੁਰਬਚਨ ਸਿੰਘ, ਅਕਾਊਾਟੈਂਟ ਗੁਰਮੀਤ ਸਿੰਘ, ਭਾਰਤੀ ਘੱਟ ਗਿਣਤੀ ਦਲਿਤ ਫ਼ਰੰਟ ਦੇ ਪ੍ਰਧਾਨ ਜੋਗਿੰਦਰ ਸਿੰਘ ਪੰਛੀ, ਪ੍ਰਚਾਰਕ ਅਵਤਾਰ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਹਜ਼ੂਰ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਤੇ ਸਟਾਫ਼ ਮੈਂਬਰ ਸ਼ਾਮਲ ਸਨ |