ਪਟਿਆਲਾ, 31 ਮਈ (ਕੁਲਵੀਰ ਸਿੰਘ ਧਾਲੀਵਾਲ)-ਕਾਂਗਰਸ ਪਾਰਟੀ ਵਲੋਂ ਚਲਾਈ ਜਾ ਰਹੀ ਸੰਵਿਧਾਨ ਬਚਾਓ ਮੁਹਿੰਮ ਤਹਿਤ ਜ਼ਿਲ੍ਹਾ ਪਟਿਆਲਾ ਦੇ ਬਹਾਦਰਗੜ੍ਹ ਵਿਖੇ ਸੰਵਿਧਾਨ ਬਚਾਓ ਰੈਲੀ ਕੀਤੀ ਗਈ | ਜਿਸ ਦੌਰਾਨ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਰਾਹੁਲ ਗਾਂਧੀ ਵਲੋਂ ਸੰਵਿਧਾਨ ਬਚਾਓ ਮੁਹਿੰਮ ਸ਼ੁਰੂ ਕੀਤੀ ਗਈ ਹੈ | ਜਿਸ ਤਹਿਤ ਦੇਸ਼ ਭਰ 'ਚ ਸੰਵਿਧਾਨ ਬਚਾਓ ਰੈਲੀਆਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦਾ ਇਸ ਮੁਹਿੰਮ ਨੂੰ ਚਲਾਉਣ ਦਾ ਉਦੇਸ਼ ਭਾਰਤੀ ਸੰਵਿਧਾਨ ਨੂੰ ਬਚਾਉਣਾ ਹੈ ਅਤੇ ਸੰਵਿਧਾਨ ਵਿਚ ਦਿੱਤੇ ਗਏ ਹੱਕਾਂ ਬਾਰੇ ਨੌਜਵਾਨ ਪੀੜੀ ਅਤੇ ਆਮ ਲੋਕਾਂ ਨੂੰ ਸੁਚੇਤ ਕਰਨਾ ਹੈ | ਉਨ੍ਹਾਂ ਕਿਹਾ ਕਿ ਸੱਤਾਧਾਰੀ ਧਿਰ ਵਲੋਂ ਸੰਵਿਧਾਨਿਕ ਅਧਿਕਾਰਾਂ ਨੂੰ ਕੁਚਲਿਆ ਜਾ ਰਿਹਾ ਹੈ, ਹੱਕ ਮਾਰੇ ਜਾ ਰਹੇ ਹਨ ਅਤੇ ਇਸ ਤਰ੍ਹਾਂ ਦੇ ਕਾਨੂੰਨ ਪਾਸ ਕੀਤੇ ਜਾ ਰਹੇ ਹਨ ਕਿ ਸੱਤਾਧਾਰੀ ਪਾਰਟੀ ਦੇ ਖਿਲਾਫ ਕੋਈ ਵੀ ਆਵਾਜ਼ ਨਹੀਂ ਉਠਾ ਸਕਦਾ ਪਰ ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਪਾਰਟੀ ਵਲੋਂ ਲਗਾਤਾਰ ਇਸ ਸੰਬੰਧੀ ਆਵਾਜ਼ ਉਠਾਈ ਜਾ ਰਹੀ ਹੈ ਤੇ ਸੰਵਿਧਾਨ ਨੂੰ ਬਚਾਉਣ ਅਤੇ ਲੋਕਾਂ ਨੂੰ ਜਾਗਰੂਕ ਕਰਨ ਬਾਰੇ ਕਾਰਜ ਕੀਤੇ ਜਾ ਰਹੇ ਹਨ | ਰਾਜਾ ਵੜਿੰਗ ਨੇ ਸੰਵਿਧਾਨ ਦੀ ਕਾਪੀ ਦਿਖਾਉਂਦੇ ਹੋਏ ਕਿਹਾ ਕਿ ਇਹ ਸੰਵਿਧਾਨ ਦੇਸ਼ ਦੇ ਹਰ ਨਾਗਰਿਕ ਦੀ ਰੱਖਿਆ ਕਰਦਾ ਹੈ ਭਾਵੇਂ ਉਹ ਕਿਸੇ ਵੀ ਜਾਤ, ਨਸਲ ਜਾਂ ਧਰਮ ਦਾ ਕਿਉਂ ਨਾ ਹੋਵੇ | ਉਨ੍ਹਾਂ ਕਿਹਾ ਕਿ ਆਰ.ਐਸ.ਐਸ. ਅਤੇ ਭਾਜਪਾ ਇਸ ਸੰਵਿਧਾਨ ਨੂੰ ਕਮਜ਼ੋਰ ਕਰਨ ਅਤੇ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨੂੰ ਉਨ੍ਹਾਂ ਦੇ ਪੁਰਖਿਆਂ ਨੇ ਕਦੇ ਵੀ ਸਵੀਕਾਰ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਕਾਂਗਰਸ ਕਿਸੇ ਵੀ ਕੀਮਤ 'ਤੇ ਆਰ.ਐਸ.ਐਸ. ਅਤੇ ਭਾਜਪਾ ਨੂੰ ਦੇਸ਼ ਨੂੰ ਵੰਡਣ ਨਹੀਂ ਦੇਵੇਗੀ | ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਨੇ ਆਪਣੀ ਜਾਂ ਇਨ੍ਹਾਂ ਹੀ ਨੀਤੀਆਂ ਤਹਿਤ ਪੰਜਾਬ ਨੂੰ ਐਮ.ਐਸ.ਪੀ. ਤੋਂ ਵਾਂਝਾ ਕਰਨ ਲਈ ਤਿੰਨ ਕਾਲੇ ਖੇਤੀ ਕਾਨੂੰਨ ਬਣਾਏ ਸਨ ਅਤੇ ਜੇਕਰ ਇਹ ਕਾਨੂੰਨ ਸਫਲ ਹੋ ਜਾਂਦੇ ਤਾਂ ਪੰਜਾਬ ਨੂੰ ਹਰ ਸਾਲ 80 ਹਜ਼ਾਰ ਕਰੋੜ ਰੁਪਏ ਦੇਣ ਤੋਂ ਇਨਕਾਰ ਕੀਤਾ ਜਾਣ ਸੀ ਜਿਸ ਨਾਲ ਪੰਜਾਬ ਦੀ ਆਰਥਿਕਤਾ ਟੁੱਟ ਜਾਂਦੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਇਸ਼ਾਰੇ 'ਤੇ ਸ਼ਾਂਤੀਪੂਰਨ ਢੰਗ ਨਾਲ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਜ਼ਬਰਦਸਤੀ ਹਟਾਉਣ ਦਾ ਦੋਸ਼ ਵੀ ਲਗਾਇਆ | ਪੰਜਾਬ ਮਾਮਲਿਆਂ ਦੇ ਇੰਚਾਰਜ ਰਵਿੰਦਰ ਦਲਵੀ ਨੇ ਰਾਜਾ ਵੜਿੰਗ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ | ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦੇ ਕਾਂਗਰਸ ਦੀ ਪਿੱਠ 'ਚ ਛੁਰਾ ਮਾਰਨ ਦੇ ਦੋਸ਼ ਲਾਏ | ਇਸ ਮੌਕੇ ਮੈਂਬਰ ਸੰਸਦ ਡਾਕਟਰ ਧਰਮਵੀਰ ਗਾਂਧੀ, ਮਹਿਲਾ ਕਾਂਗਰਸ ਪ੍ਰਧਾਨ ਪੰਜਾਬ ਗੁਰਸ਼ਰਨ ਕੌਰ ਰੰਧਾਵਾ, ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ, ਸਾਬਕਾ ਵਿਧਾਇਕ ਹਰਦਿਆਲ ਕੰਬੋਜ, ਯੂਥ ਪ੍ਰਧਾਨ ਪੰਜਾਬ ਕਾਂਗਰਸ ਮੋਹਿਤ ਮਹਿੰਦਰਾ, ਜ਼ਿਲ੍ਹਾ ਪ੍ਰਧਾਨ ਮਹੰਤ ਹਰਵਿੰਦਰ ਖਨੌੜਾ, ਕਾਕਾ ਰਜਿੰਦਰ ਸਿੰਘ ਨੇ ਵਿਚਾਰ ਸਾਂਝੇ ਕੀਤੇ | ਇਸ ਮੌਕੇ ਕੋਆਰਡੀਨੇਟਰ ਜ਼ਿਲ੍ਹਾ ਪਟਿਆਲਾ ਕੁਲਜੀਤ ਨਾਗਰਾ ਨੇ ਸਟੇਜ ਸੰਚਾਲਕ ਦੀ ਭੂਮਿਕਾ ਨਿਭਾਈ | ਇਸ ਮੌਕੇ ਹਲਕਾ ਇੰਚਾਰਜ ਸਨੌਰ ਹੈਰੀ ਮਾਨ, ਹਲਕਾ ਇੰਚਾਰਜ ਸ਼ੁਤਰਾਣਾ ਦਰਬਾਰਾ ਸਿੰਘ, ਵਿੰਸ਼ਨੂ ਸ਼ਰਮਾ, ਜੋਲੀ ਜਲਾਲਪੁਰ, ਕੋਆਪਰੇਟਿਵ ਬੈਂਕ ਪੰਜਾਬ ਦੇ ਡਾਇਰੈਕਟਰ ਬਲਿਹਾਰ ਸਿੰਘ ਸ਼ਮਸ਼ਪੁਰ, ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਉਟਸਰ, ਜਗਰੂਪ ਸਿੰਘ, ਯੂਥ ਪ੍ਰਧਾਨ ਪਟਿਆਲਾ ਜ਼ਿਲ੍ਹਾ ਅਰਸ਼ਦੀਪ ਸਿੰਘ ਮੱਲ, ਸਾਬਕਾ ਜ਼ਿਲ੍ਹਾ ਪ੍ਰਧਾਨ ਨਰਿੰਦਰ ਲਾਲੀ, ਅਸ਼ਵਨੀ ਬੱਤਾ, ਰਸ਼ਪਾਲ ਸਿੰਘ ਜੌੜਾਮਾਜਰਾ ਬਲਾਕਾਂ ਦੇ ਪ੍ਰਧਾਨ ਵੱਡੀ ਗਿਣਤੀ 'ਚ ਨੌਜਵਾਨ ਵਰਕਰ ਅਤੇ ਲੋਕ ਮੌਜੂਦ ਸਨ |