ਪਾਤੜਾਂ, 3 ਜੂਨ (ਗੁਰਇਕਬਾਲ ਸਿੰਘ ਖ਼ਾਲਸਾ)-ਸ੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਟਰਾਂਸਪੋਰਟ ਵਿਭਾਗ ਵਿਚੋਂ ਸੇਵਾਮੁਕਤ ਆਰ.ਟੀ.ਏ. ਕਰਨ ਸਿੰਘ ਮੋਹਾਲੀ ਵਲੋਂ ਸੁਖਦੇਵ ਸਿੰਘ ਢੀਂਡਸਾ ਦੇ ਦੇਹਾਂਤ ਤੋਂ ਬਾਅਦ ਪਰਮਿੰਦਰ ਸਿੰਘ ਢੀਂਡਸਾ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਇਸ ਮੌਕੇ ਕਰਨ ਸਿੰਘ ਮੋਹਾਲੀ ਨੇ ਪਾਤੜਾਂ ਵਿਖੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਪਰਮਿੰਦਰ ਸਿੰਘ ਢੀਂਡਸਾ ਦੇ ਗ੍ਰਹਿ ਵਿਖੇ ਉਨ੍ਹਾਂ ਨਾਲ ਦੁੱਖ ਸਾਂਝਾ ਕਰਕੇ ਆਏ ਹਨ | ਉਨ੍ਹਾਂ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਨੇ ਲੰਬਾ ਸਮਾਂ ਸ਼੍ਰੋਮਣੀ ਅਕਾਲੀ ਦਲ ਅਤੇ ਪੰਥ ਦੀ ਚੜ੍ਹਦੀਕਲਾ ਲਈ ਕੰਮ ਕੀਤਾ ਅਤੇ ਪੰਜਾਬ ਦੀ ਤਰੱਕੀ ਲਈ ਵੱਡਾ ਯੋਗਦਾਨ ਪਾਇਆ ਜਿਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਥ ਦੀ ਚੜ੍ਹਦੀਕਲਾ ਲਈ ਇਸ ਸਮੇਂ ਸਭ ਤੋਂ ਜ਼ਰੂਰੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਹੈ ਜਿਸ ਲਈ ਸਭ ਧਿਰਾਂ ਨੂੰ ਇਕੱਠਿਆਂ ਹੋ ਕੇ ਪੰਥ ਵਿਰੋਧੀ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਣਾ ਚਾਹੀਦਾ ਹੈ | ਇਸ ਮੌਕੇ ਇਹਨਾਂ ਨਾਲ ਸੀਨੀਅਰ ਆਗੂ ਗੋਬਿੰਦ ਸਿੰਘ ਵਿਰਦੀ, ਗੁਰਿੰਦਰ ਸਿੰਘ ਭੰਗੂ, ਵਰੁਣ ਕੁਮਾਰ ਕਾਂਸਲ, ਬੂਟਾ ਸਿੰਘ ਬਤਰਾ ਸਮੇਤ ਵੱਖ-ਵੱਖ ਆਗੂ ਹਾਜ਼ਰ ਸਨ |