ਪਟਿਆਲਾ, 2 ਸਤੰਬਰ (ਅ.ਸ. ਆਹਲੂਵਾਲੀਆ)-ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਸ੍ਰੀਮਤੀ ਜੈ ਇੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਵਲੋਂ ਪਿਛਲੇ ਕਈ ਮਹੀਨਿਆਂ ਤੋਂ ਵਾਰ-ਵਾਰ ਚਿਤਾਵਨੀਆਂ ਦੇ ਬਾਵਜੂਦ ਪਟਿਆਲਾ ਦੀ ਵੱਡੀ ਨਦੀ, ਛੋਟੀ ਨਦੀ ਅਤੇ ਵੱਖ-ਵੱਖ ਨਾਲਿਆਂ ਦੀ ਸਫ਼ਾਈ ਨਾ ਕਰਨ ਲਈ ਪੰਜਾਬ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਦੀ ਜਿੰਨੀ ਆਲੋਚਨਾ ਕੀਤੀ ਜਾਵੇ ਓਨੀ ਘੱਟ ਹੈ | ਉਨ੍ਹਾਂ ਕਿਹਾ ਕਿ ਪਟਿਆਲਾ ਦੇ ਲੋਕ ਅਜੇ ਵੀ 2023 ਦੇ ਹੜ੍ਹਾਂ ਦੀ ਤਬਾਹੀ ਨੂੰ ਪੂਰੀ ਤਰ੍ਹਾਂ ਭੁੱਲ ਨਹੀਂ ਪਾਏ, ਦੂਜੇ ਪਾਸੇ ਸਰਕਾਰ ਨੇ ਆਪਣੀਆਂ ਗ਼ਲਤੀਆਂ ਤੋਂ ਕੋਈ ਸਬਕ ਨਹੀਂ ਸਿੱਖਿਆ | ਸਮੇਂ ਸਿਰ ਪ੍ਰਬੰਧ ਕਰਨ ਦੀ ਬਜਾਏ, ਪ੍ਰਸ਼ਾਸਨ ਨੇ ਇਕ ਵਾਰ ਫਿਰ ਪਟਿਆਲਾ ਦੇ ਨਾਗਰਿਕਾਂ ਨੂੰ ਇਕ ਹੋਰ ਆਫ਼ਤ ਦੇ ਖ਼ਤਰੇ ਵਿਚ ਪਾ ਦਿੱਤਾ ਹੈ | ਉਨ੍ਹਾਂ ਨੇ ਮੇਅਰ ਕੁੰਦਨ ਗੋਗੀਆਂ ਅਤੇ 'ਆਪ' ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਵੀ ਨਿੰਦਾ ਕੀਤੀ, ਕਿਉਂਕਿ ਉਨ੍ਹਾਂ ਦੀ ਭੂਮਿਕਾ ਸਿਰਫ਼ ਮੌਕੇ 'ਤੇ ਫ਼ੋਟੋਆਂ ਖਿੱਚਣ ਤੱਕ ਸੀਮਤ ਹੈ | ਜਦੋਂ ਕਿ ਸ਼ਹਿਰ ਦੀ ਸੁਰੱਖਿਆ ਲਈ ਜ਼ਮੀਨੀ ਪੱਧਰ 'ਤੇ ਕੋਈ ਅਸਲ ਕੰਮ ਨਹੀਂ ਕੀਤਾ | ਜੈ ਇੰਦਰ ਕੌਰ ਨੇ ਚੇਤਾਵਨੀ ਦਿੱਤੀ ਕਿ 'ਆਪ' ਸਰਕਾਰ ਦੀ ਸੁਸਤੀ ਅਤੇ ਲਾਪਰਵਾਹੀ ਕਾਰਨ ਪਟਿਆਲਾ ਦੇ ਨਾਗਰਿਕਾਂ ਦੀ ਸੁਰੱਖਿਆ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ | ਇਸ ਮੌਕੇ ਸ਼ਹਿਰੀ ਪ੍ਰਧਾਨ ਵਿਜੇ ਕੁਮਾਰ ਕੂਕਾ, ਜਨਰਲ ਸਕੱਤਰ ਹਰਦੇਵ ਸਿੰਘ ਬੱਲੀ ਤੇ ਹੋਰ ਆਗੂ ਵੀ ਮੌਜੂਦ ਸਨ |