ਘਨੌਰ, 3 ਸਤੰਬਰ (ਸਰਦਾਰਾ ਸਿੰਘ ਲਾਛੜੂ)-ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪਹਾੜੀ ਖੇਤਰਾਂ ਵਿਚ ਪਈ ਬਰਸਾਤ ਅਤੇ ਡੈਮਾਂ ਵਿਚੋਂ ਛੱਡੇ ਪਾਣੀ ਕਾਰਨ ਪੰਜਾਬ ਦੇ ਲੋਕਾਂ ਦਾ ਵੱਡਾ ਨੁਕਸਾਨ ਹੋਇਆ ਹੈ, ਇਸ ਕਾਰਨ ਕੇਂਦਰ ਸਰਕਾਰ ਹੜ੍ਹਾਂ ਦੇ ਸਥਾਈ ਹੱਲ ਵੱਲ ਧਿਆਨ ਦੇਵੇ | ਸਿਹਤ ਮੰਤਰੀ ਸਰਾਲਾ ਹੈੱਡ ਦਾ ਦੌਰਾ ਕਰਕੇ ਘੱਗਰ ਦੇ ਵਹਾਅ ਦੀ ਸਥਿਤੀ ਦਾ ਜਾਇਜ਼ਾ ਲੈਣ ਪੁੱਜੇ ਹੋਏ ਸਨ | ਉਨ੍ਹਾਂ ਨੇ ਇਸੇ ਦੌਰਾਨ ਕਮਿਊਨਿਟੀ ਹੈਲਥ ਸੈਂਟਰ ਘਨੌਰ ਦਾ ਦੌਰਾ ਕਰਦਿਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਵੀ ਲਿਆ | ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੌਕੇ 'ਤੇ ਮੌਜੂਦ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਔਖੀ ਘੜੀ ਵਿਚ ਪੰਜਾਬ ਸਰਕਾਰ ਲੋਕਾਂ ਦੇ ਨਾਲ ਖੜ੍ਹੀ ਹੈ ਤੇ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਹਰੇਕ ਸੰਭਵ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸੀ.ਐੱਚ.ਸੀ. ਘਨੌਰ ਸਮੇਤ ਹੋਰ ਨੇੜਲੇ ਹਸਪਤਾਲਾਂ ਵਿੱਚ 24 ਘੰਟੇ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨਿਰੰਤਰ ਕੰਮ ਕਰ ਰਿਹਾ ਹੈ ਤੇ ਪ੍ਰਸ਼ਾਸਨ ਵਲੋਂ ਸਮੇਂ-ਸਮੇਂ 'ਤੇ ਸਲਾਹਕਾਰੀ ਜਾਰੀ ਕੀਤੀ ਜਾ ਰਹੀ ਹੈ | ਇਸ ਮੌਕੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਵਿੱਕੀ ਘਨੌਰ, ਐੱਸ.ਡੀ.ਐਮ ਰਾਜਪੁਰਾ ਅਵਿਕੇਸ਼ ਗੁਪਤਾ ਤੇ ਡਰੇਨੇਜ ਵਿਭਾਗ ਦੇ ਐਸ.ਈ ਰਜਿੰਦਰ ਘਈ ਤੇ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ |