ਦੇਵੀਗੜ੍ਹ, 4 ਸਤੰਬਰ (ਰਾਜਿੰਦਰ ਸਿੰਘ ਮੌਜੀ)-ਪਿੰਡ ਚੁੰਹਟ ਦੇ ਸਾਬਕਾ ਸਰਪੰਚ ਜੋਗਿੰਦਰ ਸਿੰਘ ਵਿਰਕ ਨੂੰ ਕਿਸਾਨ ਸੈੱਲ ਦਾ ਹਲਕਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ ਨਾਲ ਹਲਕੇ ਦੇ ਕਿਸਾਨਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ | ਕਿਸਾਨਾਂ ਨੇ ਇਸ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜੋਗਿੰਦਰ ਸਿੰਘ ਚੁੰਹਟ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਹਮੇਸ਼ਾ ਅੱਗੇ ਰੱਖਦੇ ਹਨ ਅਤੇ ਉਨ੍ਹਾਂ ਦੀਆਂ ਆਵਾਜ਼ਾਂ ਨੂੰ ਸੰਬੰਧਿਤ ਅਧਿਕਾਰੀਆਂ ਤੱਕ ਪਹੁੰਚਾਉਣ ਦਾ ਕੰਮ ਤਨਦੇਹੀ ਨਾਲ ਕਰਦੇ ਰਹੇ ਹਨ | ਜੋਗਿੰਦਰ ਸਿੰਘ ਚੁੰਹਟ ਨੇ ਨਿਯੁਕਤੀ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਸਿਰਫ਼ ਉਨ੍ਹਾਂ ਦੀ ਨਹੀਂ, ਸਗੋਂ ਸਾਰੇ ਕਿਸਾਨ ਭਰਾਵਾਂ ਦੀ ਜਿੱਤ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਚਾਹੇ ਉਹ ਫ਼ਸਲਾਂ ਦੀਆਂ ਵਾਜ਼ਬ ਕੀਮਤਾਂ ਦੀ ਗੱਲ ਹੋਵੇ, ਬੀਮੇ ਦੇ ਪੈਸੇ ਜਾਂ ਹੜ੍ਹ-ਸੋਕੇ ਸਮੇਂ ਦੀ ਸਰਕਾਰੀ ਸਹਾਇਤਾ ਦੀ ਗੱਲ, ਨੂੰ ਪੂਰੇ ਜਜ਼ਬੇ ਨਾਲ ਉਠਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੁੱਖ ਤਰਜੀਹ ਹਲਕੇ ਦੇ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣਾ ਹੈ | ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਕਿਸਾਨ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ | ਉਨ੍ਹਾਂ ਦਾਅਵਾ ਕੀਤਾ ਕਿ ਕਿਸਾਨ ਸੈੱਲ ਦੇ ਪਲੇਟਫ਼ਾਰਮ ਰਾਹੀਂ ਕਿਸਾਨਾਂ ਦੀ ਹਰ ਸਮੱਸਿਆ ਦਾ ਹੱਲ ਲੱਭਣ ਲਈ ਸਰਗਰਮ ਭੂਮਿਕਾ ਨਿਭਾਈ ਜਾਵੇਗੀ | ਉਨ੍ਹਾਂ ਕਿਹਾ ਕਿ ਉਹ ਪਿੰਡਾਂ ਦੇ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੇ ਸੁਝਾਅ ਲੈਣਗੇ ਅਤੇ ਉਨ੍ਹਾਂ ਨੂੰ ਸਾਂਝੇ ਮੰਚ ਰਾਹੀਂ ਉੱਪਰ ਲਿਆਉਣਗੇ | ਕਿਸਾਨਾਂ ਨੂੰ ਇਕਜੁਟ ਰਹਿਣ ਦੀ ਅਪੀਲ ਕਰਦਿਆਂ ਜੋਗਿੰਦਰ ਸਿੰਘ ਨੇ ਕਿਹਾ ਕਿ ਜੇਕਰ ਕਿਸਾਨ ਇਕੱਠੇ ਰਹੇ ਤਾਂ ਕੋਈ ਵੀ ਤਾਕਤ ਉਨ੍ਹਾਂ ਦਾ ਨੁਕਸਾਨ ਨਹੀਂ ਕਰ ਸਕਦੀ |