ਪਟਿਆਲਾ, 4 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਇਲਾਕਿਆਂ 'ਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਵਿਧਾਇਕਾਂ ਨੇ ਵੱਖ-ਵੱਖ ਥਾਵਾਂ 'ਤੇ ਪਹੁੰਚ ਕੇ ਪਾਣੀ ਦੇ ਪੱਧਰ ਦੀ ਸਥਿਤੀ ਨੂੰ ਦੇਖਿਆ | ਵਿਧਾਇਕਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਅਤੇ ਪ੍ਰਸ਼ਾਸਨ ਹੜ੍ਹਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਕਰਨ ਦੀ ਲੋੜ ਨਹੀਂ ਹੈ | ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਸਮਾਣਾ ਤੋਂ ਚੇਤਨ ਸਿੰਘ ਜੌੜਾਮਾਜਰਾ ਨਾਭਾ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਅਤੇ ਸ਼ੁਤਰਾਣਾ ਤੋਂ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਇਕ ਸਾਂਝਾ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਹਰੇਕ ਮੁਖ ਮਹਿਕਮੇ ਦੀ ਟੀਮ ਮੈਦਾਨ 'ਚ ਹੈ ਅਤੇ ਹੜ੍ਹਾਂ ਕਾਰਨ ਪੈਦਾ ਹੋਣ ਵਾਲੇ ਹਾਲਾਤ ਤੋਂ ਨਜਿੱਠਣ ਲਈ ਲਗਾਤਾਰ ਕੰਮ ਕਰ ਰਹੀ ਹੈ | ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਵਿਧਾਇਕ ਘਨੌਰ ਤੋਂ ਗੁਰਲਾਲ ਘਨੌਰ ਅਤੇ ਰਾਜਪੁਰਾ ਤੋਂ ਵਿਧਾਇਕ ਨੀਨਾ ਮਿੱਤਲ ਆਪੋ ਆਪਣੇ ਖੇਤਰ ਵਿਚ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ ਪਰ ਉਹ ਵੀ ਜ਼ਿਲ੍ਹੇ ਦੇ ਵਿਧਾਇਕਾਂ ਦੀ ਟੀਮ ਨਾਲ ਇਕਜੁੱਟ ਹੋ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੀਤੇ ਜਾ ਰਹੇ ਕਾਰਜਾਂ ਨੂੰ ਨਾਲ ਲੈ ਕੇ ਲੋਕਾਂ ਵਿਚ ਵਿਚਰ ਰਹੇ ਹਨ | ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਸਰਕਾਰ ਦੀ ਪ੍ਰਾਥਮਿਕਤਾ ਹੈ | ਜਿਹੜੇ ਇਲਾਕੇ ਹੜ੍ਹਾਂ ਤੋਂ ਪ੍ਰਭਾਵਿਤ ਹੋ ਸਕਦੇ ਹਨ, ਉੱਥੇ ਪਹਿਲਾਂ ਹੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਜੇਕਰ ਕਿਸੇ ਵੀ ਪਰਿਵਾਰ ਨੂੰ ਕਿਸੇ ਤਰ੍ਹਾਂ ਦੀ ਸਹਾਇਤਾ ਦੀ ਲੋੜ ਹੋਵੇ ਤਾਂ ਉਹ ਬਿਨਾਂ ਝਿਜਕ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਹਰੇਕ ਤਿੰਨ ਘੰਟਿਆਂ ਵਿਚ ਉੱਚ ਅਧਿਕਾਰੀਆਂ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦੀ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ ਅਤੇ ਜਿੱਥੇ-ਜਿੱਥੇ ਲੋੜ ਹੈ ਉੱਥੇ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ | ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਹੜ੍ਹ ਦੀ ਸੰਭਾਵਨਾ ਨੂੰ ਵੇਖਦਿਆਂ ਰਾਸ਼ਨ, ਦਵਾਈਆਂ, ਕੰਬਲ, ਗੱਦੇ, ਪਸ਼ੂਆਂ ਲਈ ਚਾਰਾ ਅਤੇ ਹੋਰ ਜ਼ਰੂਰੀ ਸਾਮਾਨ ਪਹਿਲਾਂ ਹੀ ਪੂਰੀ ਵਿਵਸਥਾ ਕੀਤੀ ਜਾ ਚੁੱਕੀ ਹੈ | ਉਨ੍ਹਾਂ ਕਿਹਾ ਕਿ ਕਿਸ਼ਤੀਆਂ , ਟਿਊਬਾਂ ਅਤੇ ਰੈਸਕਿਊ ਡਰੈੱਸਾਂ ਦੀ ਵੀ ਉਪਲਬਧਤਾ ਯਕੀਨੀ ਬਣਾਈ ਗਈ ਹੈ ਤਾਂ ਜੋ ਆਉਣ ਵਾਲੇ ਸਮੇਂ ਵਿਚ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਢੰਗ ਨਾਲ ਨਜਿੱਠਿਆ ਜਾ ਸਕੇ | ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫ਼ਵਾਹਾਂ ਤੋਂ ਬਚਣ ਅਤੇ ਸਰਕਾਰੀ ਨਿਰਦੇਸ਼ਾਂ ਦਾ ਪੂਰਾ ਪਾਲਣ ਕਰਨ |