ਘਨੌਰ, 5 ਸਤੰਬਰ (ਸਰਦਾਰਾ ਸਿੰਘ ਲਾਛੜੂ)-ਯੂਥ ਅਕਾਲੀ ਦਲ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਸਰਬਜੀਤ ਸਿੰਘ ਝਿੰਜਰ ਨੇ ਅੱਜ ਘਨੌਰ ਹਲਕੇ ਦੇ ਹੜ੍ਹ ਪੀੜਤ ਪਿੰਡਾਂ ਦਾ ਦੌਰਾ ਕੀਤਾ | ਝਿੰਜਰ ਨੇ ਦੱਸਿਆ ਕਿ 2023 ਵਿੱਚ ਆਏ ਭਿਆਨਕ ਹੜ੍ਹ ਤੋਂ ਬਾਅਦ ਵੀ ਪੰਜਾਬ ਸਰਕਾਰ ਨੇ ਕੋਈ ਸਬਕ ਨਹੀਂ ਲਿਆ | 2 ਸਾਲ ਹੋ ਗਏ ਪਰ ਘੱਗਰ ਦਰਿਆ ਉੱਤੇ ਬੰਨ੍ਹ ਨਹੀਂ ਬਣਾਇਆ ਗਿਆ, ਜਿਸ ਕਾਰਨ ਹੁਣ ਦੁਬਾਰਾ ਦਰਜਨ ਤੋਂ ਵੱਧ ਪਿੰਡਾਂ ਨੂੰ ਪਾਣੀ ਦੀ ਮਾਰ ਝੱਲਣੀ ਪਈ | ਝਿੰਜਰ ਨੇ ਦੱਸਿਆ ਕਿ ਘਨੌਰ ਹਲਕੇ ਦੇ 24 ਦੇ ਕਰੀਬ ਪਿੰਡ ਹੜ੍ਹ ਦੀ ਚਪੇਟ ਵਿਚ ਆ ਗਏ ਹਨ, ਜਿਨ੍ਹਾਂ ਵਿਚੋਂ 13 ਤੋਂ ਵੱਧ ਪਿੰਡਾਂ ਦੇ ਘਰਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ | ਝਿੰਜਰ ਨੇ ਦੱਸਿਆ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਪਿੰਡ ਜੰਡ ਮੰਗੋਲੀ, ਸੰਜਰਪੁਰ ਤੇ ਕਾਮੀ ਖ਼ੁਰਦ ਤੇ ਹੋਰ ਵੱਖ-ਵੱਖ ਪਿੰਡਾਂ ਵਿਚ ਪੀੜਤ ਪਰਿਵਾਰਾਂ ਨੂੰ ਤੁਰੰਤ ਤਰਪਾਲਾਂ, ਰਾਸ਼ਨ ਅਤੇ ਹੋਰ ਜ਼ਰੂਰੀ ਸਮਾਨ ਵੰਡਿਆ ਗਿਆ | ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਲੀਗਲ ਸੈੱਲ ਦੇ ਇੰਚਾਰਜ ਅਰਸ਼ਦੀਪ ਸਿੰਘ ਕਲੇਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਸਮੇਰ ਸਿੰਘ ਲਾਛੜੂ, ਸਰਕਲ ਪ੍ਰਧਾਨ ਗੁਰਜਿੰਦਰ ਸਿੰਘ ਕਬੂਲਪੁਰ, ਸਤਨਾਮ ਸਿੰਘ ਜੰਡ ਮੰਗੋਲੀ, ਗੁਰਜੰਟ ਸਿੰਘ ਮਹਿਦੂਦਾ ਪਰਮਿੰਦਰ ਸਿੰਘ ਭੰਗੂ ਅਤੇ ਹੋਰ ਅਕਾਲੀ ਆਗੂ ਮੌਜੂਦ ਸਨ | ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਤੁਰੰਤ ਕਾਰਵਾਈ ਨਹੀਂ ਕਰਦੀ, ਤਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਸੂਬਾ ਪੱਧਰ 'ਤੇ ਵੱਡਾ ਅੰਦੋਲਨ ਚਲਾਇਆ ਜਾਵੇਗਾ |