ਦੇਵੀਗੜ੍ਹ, 5 ਸਤੰਬਰ (ਰਾਜਿੰਦਰ ਸਿੰਘ ਮੌਜੀ)-ਅੱਜ ਪੰਜਾਬ ਐਗਰੋ ਫੂਡਗ੍ਰੇਨ ਦੇ ਚੇਅਰਮੈਨ ਅਤੇ ਲੋਕ ਸਭਾ ਇੰਚਾਰਜ ਬਲਜਿੰਦਰ ਸਿੰਘ ਢਿੱਲੋਂ ਨੇ ਟਾਂਗਰੀ ਨਦੀ ਅਤੇ ਘੱਗਰ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਨੇ ਸਥਾਨਕ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਹੜ੍ਹਾਂ ਕਾਰਨ ਪੈਦਾ ਹੋਈਆਂ ਸਮੱਸਿਆਵਾਂ ਨੂੰ ਸੁਣਿਆ | ਚੇਅਰਮੈਨ ਨੇ ਵਾਅਦਾ ਕੀਤਾ ਕਿ ਉਹ ਇਨ੍ਹਾਂ ਮੁਸ਼ਕਲਾਂ ਦੀ ਜ਼ਮੀਨੀ ਪੱਧਰ 'ਤੇ ਜਾਣਕਾਰੀ ਇਕੱਤਰ ਕਰਕੇ ਸਰਕਾਰ ਨੂੰ ਵਿਸਥਾਰਤ ਰਿਪੋਰਟ ਭੇਜਣਗੇ, ਤਾਂ ਜੋ ਹੜ੍ਹਾਂ ਦੀ ਸਮੱਸਿਆ ਦਾ ਸਥਾਈ ਹੱਲ ਕੱਢਿਆ ਜਾ ਸਕੇ | ਬਲਜਿੰਦਰ ਸਿੰਘ ਢਿੱਲੋਂ ਨੂੰ ਟਾਂਗਰੀ ਅਤੇ ਘੱਗਰ ਦੇ ਕੰਢਿਆਂ 'ਤੇ ਰਹਿਣ ਵਾਲੇ ਲੋਕਾਂ ਨੇ ਦੱਸਿਆ ਕਿ ਹਰ ਸਾਲ ਮੀਂਹ ਦੇ ਮੌਸਮ ਵਿਚ ਇਨ੍ਹਾਂ ਨਦੀਆਂ ਵਿਚ ਪਾਣੀ ਦਾ ਪੱਧਰ ਵਧਣ ਕਾਰਨ ਉਨ੍ਹਾਂ ਦੇ ਖੇਤ, ਘਰ ਅਤੇ ਜਾਨ-ਮਾਲ ਨੂੰ ਨੁਕਸਾਨ ਪਹੁੰਚਦਾ ਹੈ | ਕਈ ਪਿੰਡਾਂ ਵਿਚ ਪਾਣੀ ਘਰਾਂ ਅਤੇ ਸੜਕਾਂ 'ਤੇ ਭਰ ਜਾਂਦਾ ਹੈ, ਜਿਸ ਨਾਲ ਆਵਾਜਾਈ ਅਤੇ ਰੋਜ਼ਮਰ੍ਹਾ ਦੀ ਜ਼ਿੰਦਗੀ ਪ੍ਰਭਾਵਿਤ ਹੁੰਦੀ ਹੈ | ਸਥਾਨਕ ਵਸਨੀਕਾਂ ਨੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਅਤੇ ਨਦੀਆਂ ਦੀ ਸਫ਼ਾਈ ਦੀ ਮੰਗ ਵੀ ਉਠਾਈ | ਚੇਅਰਮੈਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ | ਚੇਅਰਮੈਨ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਦੀ ਹੈ ਅਤੇ ਉਸ ਦੇ ਹੱਲ ਲਈ ਪੂਰੀ ਤਰ੍ਹਾਂ ਪ੍ਰਤੀਬੱਧ ਹੈ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਕਿਸੇ ਵੀ ਸਮੱਸਿਆ ਦੀ ਸੂਚਨਾ ਤੁਰੰਤ ਕੰਟਰੋਲ ਰੂਮ ਨੂੰ ਦੇਣ |