ਦੇਵੀਗੜ੍ਹ, 5 ਸਤੰਬਰ (ਰਾਜਿੰਦਰ ਸਿੰਘ ਮੌਜੀ)-ਪਿੰਡ ਕਛਵਾ ਦੇ ਗੁਰਦੁਆਰਾ ਸ਼ਹੀਦ ਭਾਈ ਜੈਤਾ ਬਾਬਾ ਜੀਵਨ ਸਿੰਘ ਵਿਖੇ ਸਿੱਖ ਇਤਿਹਾਸ ਦੀ ਮਹਾਨ ਸ਼ਖ਼ਸੀਅਤ ਭਾਈ ਜੈਤਾ ਦਾ ਜਨਮ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸੰਗਤ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਅਤੇ ਸ਼ਹੀਦ ਬਾਬਾ ਜੀਵਨ ਸਿੰਘ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ | ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕੀਤੀ ਗਈ | ਇਸ ਤੋਂ ਬਾਅਦ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਦਾ ਮਨਮੋਹਕ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ | ਸਮਾਗਮ ਦੌਰਾਨ ਢਾਡੀ ਜਥਿਆਂ ਨੇ ਭਾਈ ਜੈਤਾ ਦੇ ਜੀਵਨ ਅਤੇ ਸਿੱਖ ਇਤਿਹਾਸ ਨਾਲ ਸੰਬੰਧਿਤ ਵਾਰਾਂ ਸੁਣਾ ਕੇ ਸੰਗਤ ਨੂੰ ਸਿੱਖ ਇਤਿਹਾਸ ਦੀਆਂ ਮਹਾਨ ਸ਼ਖ਼ਸੀਅਤਾਂ ਦੀਆਂ ਕੁਰਬਾਨੀਆਂ ਤੋਂ ਜਾਣੂ ਕਰਵਾਇਆ | ਢਾਡੀਆਂ ਨੇ ਭਾਈ ਜੈਤਾ ਦੀ ਸਿੱਖ ਧਰਮ ਪ੍ਰਤੀ ਸਮਰਪਣ ਅਤੇ ਸ਼ਹਾਦਤ ਦੀ ਗਾਥਾ ਨੂੰ ਬੜੀ ਸੁਰੀਲੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ | ਉਨ੍ਹਾਂ ਦੀਆਂ ਵਾਰਾਂ ਨੇ ਸੰਗਤ ਨੂੰ ਸਿੱਖ ਇਤਿਹਾਸ ਦੀਆਂ ਗੱਲਾਂ ਨਾਲ ਜੋੜਿਆ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਮੁੜ ਯਾਦ ਕਰਵਾਇਆ | ਉਨ੍ਹਾਂ ਨੇ ਕਿਹਾ ਕਿ ਭਾਈ ਜੈਤਾ ਦੀ ਸ਼ਹਾਦਤ ਸਿੱਖ ਧਰਮ ਦੇ ਇਤਿਹਾਸ ਵਿਚ ਸੁਨਹਿਰੀ ਅੱਖਰਾਂ ਨਾਲ ਲਿਖੀ ਗਈ ਹੈ ਅਤੇ ਸਾਨੂੰ ਉਨ੍ਹਾਂ ਦੇ ਆਦਰਸ਼ਾਂ 'ਤੇ ਚੱਲਣਾ ਚਾਹੀਦਾ ਹੈ |