ਘਨੌਰ, 5 ਸਤੰਬਰ (ਸਰਦਾਰਾ ਸਿੰਘ ਲਾਛੜੂ)-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਸਰਾਲਾ ਹੈੱਡ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਘੱਗਰ ਵਿਚ ਪਾਣੀ ਵੱਧਣ ਕਾਰਨ ਘਨੌਰ ਖੇਤਰ ਦੇ ਲਗਭਗ 30 ਪਿੰਡ ਇਸ ਨਾਲ ਪ੍ਰਭਾਵਿਤ ਹੋਏ ਹਨ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਲਈ ਪੂਰੀ ਸਮਰੱਥਾ ਨਾਲ ਕੰਮ ਕੀਤਾ ਜਾ ਰਿਹਾ ਹੈ | ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪਾਣੀ ਦਾ ਪੱਧਰ ਕੁਝ ਘਟਣਾ ਸ਼ੁਰੂ ਹੋਇਆ ਹੈ ਅਤੇ ਪ੍ਰਸ਼ਾਸਨ ਇਸ ਸਥਿਤੀ 'ਤੇ ਚੌਵੀ ਘੰਟੇ ਨਿਗਰਾਨੀ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਘੱਗਰ ਦੇ ਨੇੜੇ ਹਰ 500 ਮੀਟਰ 'ਤੇ ਸਥਿਤੀ 'ਤੇ ਨਿਗਾਹ ਰੱਖੀ ਜਾ ਰਹੀ ਹੈ | ਉਨ੍ਹਾਂ ਇਲਾਕਾ ਨਿਵਾਸੀਆਂ ਵੱਲੋਂ ਸਮੇਂ-ਸਮੇਂ ਦਿੱਤੀ ਫੀਡਬੈਕ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਪ੍ਰਸ਼ਾਸਨ ਨੂੰ ਰਾਹਤ ਤੇ ਨਿਗਰਾਨੀ ਕੰਮਾਂ ਵਿੱਚ ਕਾਫ਼ੀ ਮਦਦ ਮਿਲੀ | ਇਸ ਮੌਕੇ ਸਥਾਨਕ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਾਵਧਾਨ ਰਹਿਣ, ਅਫਵਾਹਾਂ 'ਤੇ ਧਿਆਨ ਨਾ ਦੇਣ ਅਤੇ ਕਿਸੇ ਵੀ ਜਾਣਕਾਰੀ ਨੂੰ ਸਾਂਝਾ ਕਰਨ ਤੋਂ ਪਹਿਲਾਂ ਉਸਦੀ ਸੱਚਾਈ ਦੀ ਜਾਂਚ ਕਰ ਲੈਣ | ਇਸ ਮੌਕੇ ਡੀ.ਐਸ.ਪੀ. ਹਰਮਨ ਚੀਮਾ, ਐਸ.ਈ. ਡਰੇਨੇਜ ਰਜਿੰਦਰ ਘਈ, ਐਕਸ.ਈ.ਐਨ. ਪ੍ਰਥਮ ਗੰਭੀਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ |