ਦੇਵੀਗੜ੍ਹ, 6 ਸਤੰਬਰ (ਰਾਜਿੰਦਰ ਸਿੰਘ ਮੌਜੀ)-ਗੁਰਦੁਆਰਾ ਰਕਾਬਗੰਜ ਸਾਹਿਬ ਦਿੱਲੀ ਦੇ ਚੇਅਰਮੈਨ ਕੁਲਵਿੰਦਰ ਸਿੰਘ ਨੇ ਆਪਣੀ ਟੀਮ ਨਾਲ ਮਿਲ ਕੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਹੈ | ਜਿਨਾਂ ਦੇ ਨਾਲ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਵੀ ਸਨ | ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨਾਂ ਦੇ ਨੁਕਸਾਨ ਨੂੰ ਨੇੜਿਓਾ ਸਮਝਿਆ | ਚੇਅਰਮੈਨ ਨੇ ਵਾਅਦਾ ਕੀਤਾ ਕਿ ਉਹ ਜ਼ਮੀਨੀ ਪੱਧਰ 'ਤੇ ਲੋਕਾਂ ਨੂੰ ਹੋਏ ਨੁਕਸਾਨ ਦੀ ਵਿਸਥਾਰਤ ਰਿਪੋਰਟ ਕਮੇਟੀ ਨੂੰ ਸੌਂਪਣਗੇ | ਨਾਲ ਹੀ, ਹੜ੍ਹਾਂ ਤੋਂ ਬਾਅਦ ਲੋਕਾਂ ਦੀ ਮਦਦ ਲਈ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਅਤੇ ਸਹਾਇਤਾ ਨੂੰ ਪ੍ਰਭਾਵਿਤ ਲੋਕਾਂ ਤੱਕ ਕਿਵੇਂ ਪਹੁੰਚਾਇਆ ਜਾਵੇਗਾ ਇਸ ਸਬੰਧੀ ਵੀ ਗੱਲਬਾਤ ਕੀਤੀ ਜਾਵੇਗੀ | ਦੱਸਣਯੋਗ ਹੈ ਕਿ ਹੜ੍ਹਾਂ ਨੇ ਇਸ ਵਾਰ ਵੱਡੇ ਪੱਧਰ ਤੇ ਨੁਕਸਾਨ ਕੀਤਾ ਹੈ | ਕਈ ਪਿੰਡਾਂ ਵਿੱਚ ਫਸਲਾਂ ਤਬਾਹ ਹੋ ਗਈਆਂ ਹਨ, ਘਰ ਢਹਿ ਗਏ ਹਨ ਅਤੇ ਲੋਕਾਂ ਨੂੰ ਰਿਹਾਇਸ਼ ਅਤੇ ਖਾਣ-ਪੀਣ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਅਜਿਹੇ ਵਿੱਚ ਗੁਰੂਦਵਾਰਾ ਕਮੇਟੀ ਵੱਲੋਂ ਇਹ ਦੌਰਾ ਬਹੁਤ ਮਹੱਤਵਪੂਰਨ ਹੈ | ਚੇਅਰਮੈਨ ਕੁਲਵਿੰਦਰ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾਂ ਅਨੁਸਾਰ ਸੇਵਾ ਅਤੇ ਸਹਾਇਤਾ ਸਾਡਾ ਫਰਜ਼ ਹੈ | ਉਨਾਂ ਨੇ ਟੀਮ ਨਾਲ ਮਿਲ ਕੇ ਪਿੰਡ ਵਾਸੀਆਂ ਨਾਲ ਗੱਲ ਕੀਤੀ ਅਤੇ ਉਨਾਂ ਦੀਆਂ ਮੁਸ਼ਕਲਾਂ ਸੁਣੀਆਂ | ਦੇਵੀਗੜ੍ਹ ਇਲਾਕੇ ਦੇ ਹੜ ਪ੍ਰਭਾਵਿਤ ਪਿੰਡਾਂ ਦੇ ਦੌਰੇ ਦੌਰਾਨ ਚੇਅਰਮੈਨ ਅਤੇ ਉਨਾਂ ਦੀ ਟੀਮ ਨੇ ਪਿੰਡ ਸਾਧੂ ਨਗਰ ਜੁਲਾਹਖੇੜੀ ਵਿੱਚ ਜਾ ਕੇ ਹਾਲਾਤ ਵੇਖੇ | ਉਨਾਂ ਨੇ ਵੇਖਿਆ ਕਿ ਹੜ੍ਹਾਂ ਕਾਰਨ ਖੇਤਾਂ ਵਿੱਚ ਪਾਣੀ ਭਰਿਆ ਪਿਆ ਹੈ ਅਤੇ ਫਸਲਾਂ ਪੂਰੀ ਤਰਾਂ ਬਰਬਾਦ ਹੋ ਗਈਆਂ ਹਨ | ਚੇਅਰਮੈਨ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਗੁਰੂਦਵਾਰਾ ਪ੍ਰਬੰਧਕ ਕਮੇਟੀ ਪਹਿਲਾਂ ਵੀ ਅਜਿਹੇ ਮੌਕਿਆਂ ਤੇ ਲੋਕਾਂ ਦੀ ਮਦਦ ਕਰ ਚੁੱਕੀ ਹੈ | ਚੇਅਰਮੈਨ ਨੇ ਕਿਹਾ ਕਿ ਅਸੀਂ ਜ਼ਮੀਨੀ ਪੱਧਰ 'ਤੇ ਕੰਮ ਕਰਨ ਵਾਲੇ ਲੋਕ ਹਾਂ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਨੇੜਿਓਾ ਜਾਣਦੇ ਹਾਂ | ਉਨਾਂ ਨੇ ਇਹ ਵੀ ਕਿਹਾ ਕਿ ਹੜਾਂ ਤੋਂ ਬਾਅਦ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਵਿਸ਼ੇਸ਼ ਯੋਜਨਾਵਾਂ ਬਣਾਈਆਂ ਜਾਣਗੀਆਂ | ਇਸ ਵਿੱਚ ਖਾਣ-ਪੀਣ ਦੀਆਂ ਵਸਤਾਂ, ਰਿਹਾਇਸ਼ ਅਤੇ ਮੈਡੀਕਲ ਸਹਾਇਤਾ ਸ਼ਾਮਲ ਹੋਵੇਗੀ | ਚੇਅਰਮੈਨ ਕੁਲਵਿੰਦਰ ਸਿੰਘ ਨੇ ਕਿਹਾ ਕਿ ਰਿਪੋਰਟ ਮਿਲਣ ਤੋਂ ਬਾਅਦ ਕਮੇਟੀ ਵਿੱਚ ਵਿਚਾਰ ਵਟਾਂਦਰਾ ਕੀਤਾ ਜਾਵੇਗਾ | ਇਸ ਵਿੱਚ ਇਹ ਤੈਅ ਕੀਤਾ ਜਾਵੇਗਾ ਕਿ ਲੋਕਾਂ ਨੂੰ ਕਿਹੜੀ ਤਰਾਂ ਦੀ ਮਦਦ ਦਿੱਤੀ ਜਾਵੇ | ਇਸ ਮੌਕੇ ਉਨਾਂ ਦੇ ਨਾਲ ਹਰਪ੍ਰੀਤ ਸਿੰਘ, ਸੁਰਿੰਦਰ ਸਿੰਘ, ਮਨਜੀਤ ਸਿੰਘ, ਚਰਨਜੀਤ ਸਿੰਘ ਅਤੇ ਹਰਮੀਤ ਸਿੰਘ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਮਦਨ ਲਾਲ ਪਵਨ ਕੁਮਾਰ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ |