ਪਾਤੜਾਂ, 6 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਪੰਜਾਬ ਵਿਚ ਹੜ੍ਹ ਦੀ ਮਾਰ ਵਾਲੇ ਇਲਾਕੇ ਵਿਚ ਲੋਕਾਂ ਦੀ ਸਹਾਇਤਾ ਕਰਕੇ ਅਤੇ ਪਾਤੜਾਂ ਇਲਾਕੇ ਵਿਚ ਘੱਗਰ ਦਰਿਆ ਦੇ ਹੜ੍ਹ ਤੋਂ ਆਪਣੀਆਂ ਫ਼ਸਲਾਂ ਬਚਾਉਣ ਲਈ ਦਰਿਆ 'ਤੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ ਜੱਦੋਂ-ਜਹਿਦ ਕਰ ਰਹੇ ਕਿਸਾਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਗਦ ਰਾਸ਼ੀ ਅਤੇ ਹਜ਼ਾਰਾਂ ਲੀਟਰ ਡੀਜ਼ਲ ਦੇ ਕੇ ਪੰਜਾਬ ਦੇ ਲੋਕਾਂ ਦਾ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ਦਲ ਦੇ ਹਲਕਾ ਸ਼ੁਤਰਾਣਾ ਦੇ ਮੁਖੀ ਕਬੀਰ ਦਾਸ ਦੇ ਪੁੱਤਰ ਵਿਕਰਮਜੀਤ ਸਿੰਘ ਚੌਹਾਨ ਅਤੇ ਅਕਾਲੀ ਦਲ ਦੇ ਪਾਤੜਾਂ ਸ਼ਹਿਰੀ ਪ੍ਰਧਾਨ ਵਿਸ਼ਾਲ ਗੋਇਲ ਨੇ ਪਾਤੜਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਬਦਲਾਅ ਦਾ ਨਾਅਰਾ ਦੇ ਕੇ ਸਤ੍ਹਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਮੇਂ ਸਿਰ ਹੜ੍ਹਾਂ ਨੂੰ ਰੋਕਣ ਲਈ ਕੋਈ ਪ੍ਰਬੰਧ ਨਹੀਂ ਕੀਤਾ ਗਿਆ ਅਤੇ ਨਾ ਹੀ ਡਰੇਨਾਂ ਅਤੇ ਦਰਿਆਵਾਂ ਦੀ ਸਫ਼ਾਈ ਕੀਤੀ ਗਈ ਹੈ | ਇਸ ਮੌਕੇ ਜੋਗਿੰਦਰ ਸਿੰਘ ਬਾਵਾ, ਦਲਜੀਤ ਸਿੰਘ ਗਲੋਲੀ, ਮਨਜੀਤ ਸਿੰਘ ਬਾਵਾ, ਨਰਿੰਦਰ ਸਿੰਘ ਬਜਾਜ, ਸਾਬਕਾ ਪੁਲਿਸ ਇੰਸਪੈਕਟਰ ਲਖਵਿੰਦਰ ਸਿੰਘ, ਮਾ. ਗੁਰਮੇਜ ਸਿੰਘ ਸਮੇਤ ਹੋਰ ਆਗੂ ਮੌਜੂਦ ਸਨ |