ਸਮਾਣਾ, 26 ਸਤੰਬਰ (ਸਾਹਿਬ ਸਿੰਘ)-ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਪਿੰਡ ਖੇੜੀ ਫੱਤਣ ਵਿਖੇ ਗੰਦੇ ਪਾਣੀ ਦੇ ਨਿਕਾਸ ਲਈ ਨਵੀਂ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ | ਇਸ ਪ੍ਰੋਜੈਕਟ 'ਤੇ ਕੁੱਲ 15 ਲੱਖ ਰੁਪਏ ਦੀ ਲਾਗਤ ਆਵੇਗੀ, ਜੋ ਪਿੰਡ ਵਾਸੀਆਂ ਨੂੰ ਗੰਦੇ ਪਾਣੀ ਦੀ ਸਮੱਸਿਆ ਤੋਂ ਨਿਜਾਤ ਦਿਵਾਏਗੀ ਅਤੇ ਸਵੱਛ ਤੇ ਸਿਹਤਮੰਦ ਵਾਤਾਵਰਣ ਨੂੰ ਯਕੀਨੀ ਬਣਾਏਗੀ | ਵਿਧਾਇਕ ਸ. ਜੌੜਾਮਾਜਰਾ ਨੇ ਇਸ ਮੌਕੇ 'ਤੇ ਕਿਹਾ ਕਿ ਸਰਕਾਰ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੀ ਸਹੂਲਤ ਲਈ ਵਚਨਬੱਧ ਹੈ | ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਗੰਦੇ ਪਾਣੀ ਦੀ ਸਮੱਸਿਆ ਨੂੰ ਹੱਲ ਕਰਨ ਨਾਲ ਨਾ ਸਿਰਫ਼ ਸਿਹਤ ਸੰਬੰਧੀ ਮੁਸ਼ਕਲਾਂ ਘੱਟ ਹੋਣਗੀਆਂ, ਸਗੋਂ ਪਿੰਡ ਦੀ ਸੁੰਦਰਤਾ ਵੀ ਵਧੇਗੀ | ਇਸ ਪ੍ਰੋਜੈਕਟ ਦੇ ਪੂਰਾ ਹੋਣ ਨਾਲ ਪਿੰਡ ਵਿਚ ਪਾਣੀ ਦੀ ਸੁਚੱਜੀ ਨਿਕਾਸੀ ਹੋ ਸਕੇਗੀ, ਜਿਸ ਨਾਲ ਮੀਂਹ ਦੇ ਮੌਸਮ ਵਿਚ ਹੋਣ ਵਾਲੀਆਂ ਸਮੱਸਿਆਵਾਂ ਤੋਂ ਵੀ ਰਾਹਤ ਮਿਲੇਗੀ | ਪਿੰਡ ਵਾਸੀਆਂ ਨੇ ਵਿਧਾਇਕ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਉਮੀਦ ਜਤਾਈ ਕਿ ਇਹ ਪ੍ਰੋਜੈਕਟ ਜਲਦੀ ਪੂਰਾ ਹੋਵੇਗਾ | ਸਮਾਗਮ ਵਿਚ ਵਿਧਾਇਕ ਦੇ ਨਿੱਜੀ ਸਹਾਇਕ ਗੁਰਦੇਵ ਸਿੰਘ ਟਿਵਾਣਾ, ਆਪ ਆਗੂ ਹਰਜਿੰਦਰ ਸਿੰਘ ਮਿੰਟੂ, ਪਿੰਡ ਦੇ ਸਰਪੰਚ ਸਿਮਰਜੀਤ ਕੌਰ, ਪੰਚਾਇਤ ਮੈਂਬਰ ਅਤੇ ਸਥਾਨਕ ਲੋਕ ਸ਼ਾਮਲ ਸਨ |