ਦੇਵੀਗੜ੍ਹ, 18 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਗੁਥਮੜਾ ਵਲੋਂ ਅੱਜ ਖ਼ੁਸ਼ੀਆਂ ਅਤੇ ਰੌਸ਼ਨੀ ਦੇ ਤਿਉਹਾਰ ਦੀਵਾਲੀ ਤੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਸਮਾਗਮ ਕਰਾਇਆ ਗਿਆ | ਜਿਸ ਦੀ ਸ਼ੁਰੂਆਤ ਗਾਇਤਰੀ ਮੰਤਰ ਅਤੇ ਸ਼ਬਦ ਨਾਲ ਹੋਈ | ਇਸ ਮੌਕੇ ਸਕੂਲ ਪ੍ਰਬੰਧਕਾਂ ਵਲੋਂ ਸਮਾਂ ਰੌਸ਼ਨ ਕਰਕੇ ਪ੍ਰੋਗਰਾਮ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਪ੍ਰੀ-ਨਰਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਸ੍ਰੀ ਰਾਮ ਚੰਦਰ ਜੀ ਦੇ ਜੀਵਨ ਨਾਲ ਸੰਬੰਧਿਤ ਸੁੰਦਰ ਝਾਕੀਆਂ, ਦੇਸ ਭਗਤੀ ਦੇ ਗੀਤ, ਕਵਿਤਾਵਾਂ, ਭਜਨ ਅਤੇ ਭਾਸਣ ਪੇਸ਼ ਕੀਤੇ | ਇਸ ਸਮਾਗਮ ਦੌਰਾਨ ਚਾਰ ਹਾਊਸਾਂ ਦੇ ਵਿਦਿਆਰਥੀਆਂ ਵਿਚਕਾਰ ਰੰਗੋਲੀ ਅਤੇ ਵਾਲੀਬਾਲ ਦੇ ਦਿਲਚਸਪ ਮੁਕਾਬਲੇ ਵੀ ਕਰਵਾਏ ਗਏ | ਰੰਗੋਲੀ ਮੁਕਾਬਲਿਆਂ ਵਿਚ ਸਾਹਿਬਜ਼ਾਦਾ ਅਜੀਤ ਸਿੰਘ ਜੀ ਹਾਊਸ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਸਾਹਿਬਜ਼ਾਦਾ ਫਤਿਹ ਸਿੰਘ ਜੀ ਹਾਊਸ ਨੇ ਦੂਜਾ ਸਥਾਨ ਹਾਸਲ ਕੀਤਾ | ਵਾਲੀਬਾਲ ਮੁਕਾਬਲਿਆਂ ਵਿਚ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ ਹਾਊਸ ਪਹਿਲੇ ਨੰਬਰ 'ਤੇ ਰਿਹਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਜੀ ਹਾਊਸ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਦੇ ਨਿਰਦੇਸ਼ਕ ਭੁਪਿੰਦਰ ਸਿੰਘ, ਪ੍ਰਧਾਨ ਰਵਿੰਦਰ ਕੌਰ, ਪਿ੍ੰਸੀਪਲ ਮਮਤਾ ਮੱਕੜ ਅਤੇ ਅਕਾਦਮਿਕ ਡਾਇਰੈਕਟਰ ਤੇਜਿੰਦਰ ਕੌਰ ਵਾਲੀਆ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ, ਵਿਸ਼ਵਕਰਮਾ ਦਿਵਸ ਅਤੇ ਭਾਈ ਦੂਜ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਅਤੇ ਇਨ੍ਹਾਂ ਤਿਉਹਾਰਾਂ ਤੋਂ ਪ੍ਰੇਰਣਾ ਲੈਣ ਲਈ ਵੀ ਪ੍ਰੇਰਿਆ | ਨਿਰਦੇਸ਼ਕ ਭੁਪਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤਿਉਹਾਰ ਸਾਡੇ ਸਭਿਆਚਾਰ ਦੀ ਰੀੜ੍ਹ ਦੀ ਹੱਡੀ ਹਨ | ਦੀਵਾਲੀ ਸਾਨੂੰ ਬੁਰਾਈ 'ਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੰਦੀ ਹੈ | ਉਨ੍ਹਾਂ ਕਿਹਾ ਕਿ ਮੈਂ ਸਾਰੇ ਵਿਦਿਆਰਥੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਵਾਰ ਪਟਾਕਿਆਂ ਤੋਂ ਦੂਰ ਰਹਿ ਕੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਅਤੇ ਆਪਣੇ ਆਲੇ-ਦੁਆਲੇ ਨੂੰ ਸਵੱਛ ਅਤੇ ਖ਼ੁਸ਼ਹਾਲ ਬਣਾਉਣ ਦਾ ਪ੍ਰਣ ਲੈਣ |