ਰਾਜਪੁਰਾ, 31 ਅਕਤੂਬਰ (ਜੀ.ਪੀ. ਸਿੰਘ)-ਇਕ ਵਿਅਕਤੀ ਦੇ ਘਰ ਅੱਗੇ ਪਟਾਕੇ ਚਲਾਉਣ ਅਤੇ ਚੀਕਾਂ ਮਾਰਨ ਤੋਂ ਰੋਕਣ 'ਤੇ ਥਾਣਾ ਸਦਰ ਦੀ ਪੁਲਿਸ ਨੇ ਕਰੀਬ 10 ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਗੁਰਦੇਵ ਸਿੰਘ ਵਾਸੀ ਪਿੰਡ ਆਲਮਪੁਰ ਨੇ ਬਿਆਨ ਦਰਜ ਕਰਵਾਏ ਹਨ ਕਿ ਦੀਵਾਲੀ ਤੋਂ ਅਗਲੇ ਦਿਨ ਉਨ੍ਹਾਂ ਦੇ ਪਿੰਡ ਦੇ ਹੀ ਵਸਨੀਕ ਅਤੇ ਗੁਆਂਢੀ ਪਰਮਜੀਤ ਸਿੰਘ, ਨਿਰਮਲ ਸਿੰਘ, ਮਹਿਤਾਬ ਸਿੰਘ ਅਤੇ 8-10 ਜਣੇ ਉਨ੍ਹਾਂ ਦੇ ਘਰ ਅੱਗੇ ਪਟਾਕੇ ਚਲਾ ਰਹੇ ਸਨ ਤੇ ਉੱਚੀ ਉੱਚੀ ਚੀਕਾਂ ਮਾਰ ਰਹੇ ਸਨ | ਜਿਸ ਤੇ ਜਦੋਂ ਉਸ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਕਤ ਦਰਜਨ ਦੇ ਕਰੀਬ ਵਿਅਕਤੀਆਂ ਨੇ ਉਸ ਦੇ ਘਰ ਅੰਦਰ ਦਾਖ਼ਲ ਹੋ ਕੇ ਕੁੱਟਮਾਰ ਕੀਤੀ ਅਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ | ਥਾਣਾ ਸਦਰ ਦੀ ਪੁਲਿਸ ਨੇ ਉਕਤ ਦਰਜਨ ਦੇ ਕਰੀਬ ਵਿਅਕਤੀਆਂ ਖ਼ਿਲਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |