ਪਟਿਆਲਾ, 2 ਨਵੰਬਰ (ਅ.ਸ. ਆਹਲੂਵਾਲੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਗੁਰੂ ਸਾਹਿਬਾਨ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਾਰੇ ਸੰਸਾਰ ਵਲੋਂ ਮਨਾਏ ਜਾ ਰਹੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਧਾਰਮਿਕ ਸਮਾਗਮਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈ ਕੇ ਪੂਰੀ ਸ਼ਰਧਾ-ਭਾਵਨਾ, ਸਤਿਕਾਰ ਨਾਲ ਮਨਾਉਣ | ਉਨ੍ਹਾਂ ਕਿਹਾ ਕਿ ਸਤਿਗੁਰੂ ਜੀ ਇਕੋ ਇਕ ਅਜਿਹੀ ਮਹਾਨਤਮ ਧਾਰਮਿਕ ਸ਼ਖ਼ਸੀਅਤ ਸਨ ਜਿਨ੍ਹਾਂ ਨੇ ਆਪ ਕਾਤਲ ਪਾਸ ਜਾ ਕੇ ਸ਼ਹੀਦੀ ਦਿੱਤੀ | ਉਨ੍ਹਾਂ ਕਿਹਾ ਕਿ ਸਤਿਗੁਰੂ ਜੀ ਇਕੋ ਇਕ ਰੂਹਾਨੀ ਰਹਿਬਰ ਸਨ ਜਿਨ੍ਹਾਂ ਦੇ ਪਵਿੱਤਰ ਸੀਸ ਦਾ ਸਸਕਾਰ ਸ੍ਰੀ ਅਨੰਦਪੁਰ ਸਾਹਿਬ ਅਤੇ ਪਵਿੱਤਰ ਦੇਹ (ਸਰੀਰ) ਦਾ ਸਸਕਾਰ ਦਿੱਲੀ ਵਿਖੇ ਕੀਤਾ ਗਿਆ |