ਸਮਾਣਾ, 2 ਨਵੰਬਰ (ਸਾਹਿਬ ਸਿੰਘ)-ਸਮਾਣਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੂੰ ਭੰਗ ਕਰਕੇ ਪੰਜਾਬ ਦੀ ਸ਼ਮੂਲੀਅਤ ਖ਼ਤਮ ਕਰਨ ਦੇ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਦੇ ਫ਼ੈਸਲੇ ਦੀ ਸਖ਼ਤ ਨਿੰਦਾ ਕੀਤੀ ਹੈ | ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਪੰਜਾਬ ਨਾਲ ਸਿੱਧਾ ਧੱਕਾ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਸ. ਜੌੜਾਮਾਜਰਾ ਨੇ ਆਪਣੇ ਬਿਆਨ ਵਿਚ ਕਿਹਾ ਹੈ ਕਿ ਪੰਜਾਬ ਯੂਨੀਵਰਸਿਟੀ ਪੰਜਾਬ ਦੀ ਵਿਰਾਸਤ ਤੇ ਸਿੱਖਿਆ ਦਾ ਮੁੱਖ ਕੇਂਦਰ ਹੈ | ਭਾਜਪਾ ਸਰਕਾਰ ਵਲੋਂ ਸੈਨੇਟ ਭੰਗ ਕਰਕੇ ਪੰਜਾਬੀ ਨੁਮਾਇੰਦਿਆਂ ਨੂੰ ਬਾਹਰ ਕੱਢਣਾ ਰਾਜ ਦੇ ਹੱਕਾਂ 'ਤੇ ਹਮਲਾ ਹੈ | ਉਨ੍ਹਾਂ ਆਖਿਆ ਕਿ ਪਾਰਟੀ ਇਸ ਦਾ ਵਿਰੋਧ ਕਰਦੀ ਹੈ ਤੇ ਪੰਜਾਬ ਦੇ ਹਿਤਾਂ ਦੀ ਰਾਖੀ ਕਰਨ ਲਈ ਇਕ ਇੰਚ ਵੀ ਪਿੱਛੇ ਨਹੀਂ ਹਟਿਆ ਜਾਵੇਗਾ | ਉਨ੍ਹਾਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਇਸ ਫ਼ੈਸਲੇ ਨੂੰ ਤੁਰੰਤ ਵਾਪਸ ਲਵੇ ਨਹੀਂ ਤਾਂ ਪੰਜਾਬ ਵਿਚ ਭਾਜਪਾ ਵਿਰੋਧ ਦਾ ਸਾਹਮਣਾ ਕਰਨ ਲਈ ਤਿਆਰ ਰਹੇ | ਵਿਧਾਇਕ ਸ. ਜੌੜਾਮਾਜਰਾ ਨੇ ਅੱਗੇ ਕਿਹਾ ਕਿ ਇਹ ਫ਼ੈਸਲਾ ਪੰਜਾਬ ਨੂੰ ਉਸ ਦੇ ਹੱਕਾਂ ਤੋਂ ਵਾਂਝਾ ਕਰਨ ਦੀ ਸਾਜ਼ਿਸ਼ ਹੈ | ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਮੁੱਦੇ 'ਤੇ ਸਖ਼ਤ ਰੁਖ ਪ੍ਰਗਟ ਕਰ ਚੁੱਕੇ ਹਨ |