ਪਟਿਆਲਾ, 21 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)- ਜਮਹੂਰੀ ਅਧਿਕਾਰ ਸਭਾ ਪੰਜਾਬ ਇਕਾਈ ਪਟਿਆਲਾ ਦੇ ਪ੍ਰਧਾਨ ਪ੍ਰੋ. ਡਾ. ਰਣਜੀਤ ਸਿੰਘ ਘੁੰਮਣ ਤੇ ਵਿਧੂ ਸ਼ੇਖਰ ਭਾਰਦਵਾਜ ਸਕੱਤਰ ਜਮਹੂਰੀ ਨੇ ਇਕ ਬਿਆਨ ਰਾਹੀਂ ਇਕ ਵਿਅਕਤੀ ਵਲੋਂ ਸਭਾ ਦੀ ਸੂਬਾ ਕਮੇਟੀ ਮੈਂਬਰ ਐਡਵੋਕੇਟ ਅਮਨਦੀਪ ਕੌਰ ਨੂੰ ਧਮਕੀ ਦੇਣ ਦੀ ਨਿਖੇਧੀ ਕੀਤੀ ਹੈ ਜਿਸ ਵਿਚ ਉਸ ਨੂੰ ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਵਿਚ ਆਰ.ਐੱਸ.ਐੱਸ. ਖ਼ਿਲਾਫ਼ ਬੋਲਣ 'ਤੇ ਨਤੀਜੇ ਭੁਗਤਣ ਲਈ ਤਿਆਰ ਰਹਿਣ ਲਈ ਕਿਹਾ ਹੈ ਜਿਸ ਦੀ ਸ਼ਿਕਾਇਤ ਉਸ ਨੇ ਪੁਲਿਸ 'ਤੇ ਬਾਰ ਕੌਂਸਲ ਚੰਡੀਗੜ੍ਹ ਨੂੰ ਵੀ ਕੀਤੀ ਹੈ ਪਰ ਪੁਲਿਸ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ | ਸਭਾ ਨੇ ਮੰਗ ਕੀਤੀ ਕਿ ਪੁਲਿਸ ਤੁਰੰਤ ਕਾਰਵਾਈ ਕਰੇ | ਸਭਾ ਸਮਝਦੀ ਹੈ ਕਿ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਮਨੁੱਖ ਦਾ ਬੁਨਿਆਦੀ ਅਧਿਕਾਰ ਹੈ | ਇਸ ਤਰ੍ਹਾਂ ਦੀਆਂ ਧਮਕੀਆਂ ਜਮਹੂਰੀ ਕਾਰਕੁਨਾਂ ਨੂੰ ਵਿਚਾਰ ਪ੍ਰਗਟਾਵੇ ਤੋਂ ਨਹੀਂ ਰੋਕ ਸਕਦੀਆਂ | ਸਭਾ ਨੇ ਪੰਜਾਬ ਦੀਆਂ ਜਨਤਕ ਜਮਹੂਰੀ ਜਥੇਬੰਦੀਆਂ ਨੂੰ ਇਸ ਖ਼ਿਲਾਫ਼ ਆਵਾਜ਼ ਉਠਾਉਣ ਦੀ ਅਪੀਲ ਕੀਤੀ |