ਬਨੂੜ, 22 ਨਵੰਬਰ (ਭੁਪਿੰਦਰ ਸਿੰਘ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਉਨ੍ਹਾਂ ਦੇ ਅਨਿੰਨ ਸੇਵਕ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹਾਦਤ ਵਰ੍ਹੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿਚ ਤਲਵੰਡੀ ਸਾਬੋ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਦੇਰ ਰਾਤ ਬਨੂੜ ਪੁੱਜਣ 'ਤੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ | ਨਗਰ ਕੀਰਤਨ ਦੇ ਦਰਸ਼ਨਾਂ ਲਈ ਵਿਸ਼ੇਸ਼ ਤੌਰ 'ਤੇ ਪੁੱਜੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐੱਸ.ਐੱਸ.ਪੀ. ਹਰਮਨਦੀਪ ਸਿੰਘ ਹਾਂਸ, ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਦੇ ਮੁੱਖ ਸੇਵਾਦਾਰ ਬਾਬਾ ਗੁਰਦੇਵ ਸਿੰਘ ਅਤੇ ਵੱਡੀ ਗਿਣਤੀ ਸ਼ਰਧਾਲੂ ਸੰਗਤਾਂ ਦੇ ਨਾਲ ਨਗਰ ਕੀਰਤਨ ਦੇ ਦਰਸ਼ਨ ਕੀਤੇ ਗਏ | ਸ਼ਹਿਰ ਬਨੂੜ ਦੇ ਬੱਸ ਅੱਡੇ ਦੇ ਨੇੜੇ ਸੰਗਤਾਂ ਵੱਡੀ ਗਿਣਤੀ ਵਿਚ ਮੌਜੂਦ ਸਨ ਅਤੇ ਨਗਰ ਕੀਰਤਨ ਦੀ ਉਡੀਕ ਵਿਚ ਗੁਰਬਾਣੀ ਦਾ ਜਾਪ ਕਰ ਰਹੀਆਂ ਸਨ | ਇਸ ਮੌਕੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਨਾਲ ਨਿਸ਼ਾਨਚੀ ਸਿੰਘਾ, ਪੰਜ ਪਿਆਰੇ ਸਿੰਘਾਂ, ਨਗਾਰਚੀ ਅਤੇ ਪਾਲਕੀ ਸਾਹਿਬ ਦਾ ਪੂਰਨ ਸ਼ਰਧਾ ਭਾਵ ਨਾਲ ਸਵਾਗਤ ਕੀਤਾ ਗਿਆ | ਇਸ ਮੌਕੇ ਬਾਬਾ ਗੁਰਦੇਵ ਸਿੰਘ, ਡੀ.ਸੀ. ਮੋਹਾਲੀ ਕੋਮਲ ਮਿੱਤਲ ਤੇ ਹੋਰ ਪ੍ਰਸਾਸ਼ਨਿਕ ਅਧਿਕਾਰੀਆਂ ਨੇ ਪਾਲਕੀ ਸਾਹਿਬ ਨੂੰ ਨਤਮਸਤਕ ਹੁੰਦਿਆਂ ਪੰਜ ਪਿਆਰਿਆਂ ਨੂੰ ਸਿਰੋਪਾਉ ਭੇਂਟ ਕੀਤੇ | ਇਸ ਦੌਰਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣਾ ਸਾਡੇ ਸਾਰਿਆਂ ਲਈ ਇਤਿਹਾਸਕ ਪਲ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਨਿਮਾਣੇ ਸ਼ਰਧਾਲੂ ਵਜੋਂ ਪੂਰੀ ਅਕੀਦਤ, ਸ਼ਰਧਾ ਭਾਵਨਾ ਤੇ ਗੁਰਮਤਿ ਮਰਿਯਾਦਾ ਨਾਲ ਮਨਾ ਰਹੀ ਹੈ |