ਪਾਤੜਾਂ, 22 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਥਾਣਾ ਘੱਗਾ ਦੇ ਮੁੱਖ ਦਰਵਾਜੇ 'ਤੇ ਧਰਨਾ ਲਗਾ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਕਿਸਾਨ ਆਗੂਆਂ ਦੇ ਪਰਿਵਾਰਕ ਮੈਂਬਰਾਂ 'ਤੇ ਹਮਲਾ ਕਰਨ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਨਾ ਕਰਨ ਦੇ ਦੋਸ਼ ਲਾ ਰਹੇ ਕਿਸਾਨਾਂ ਵਲੋਂ ਦਿੱਤਾ ਜਾ ਰਿਹਾ ਧਰਨਾ ਡੀ. ਐੱਸ. ਪੀ. ਪਾਤੜਾਂ ਵਲੋਂ ਦੋਸ਼ੀਆਂ ਦੇ ਖ਼ਿਲਾਫ਼ ਤੁਰੰਤ ਕਾਰਵਾਈ ਕਰਨ ਦੇ ਦਿੱਤੇ ਗਏ ਭਰੋਸੇ ਮਗਰੋਂ ਸਮਾਪਤ ਕੀਤਾ ਗਿਆ | ਬਲਾਕ ਪ੍ਰਧਾਨ ਅਮਰੀਕ ਸਿੰਘ ਘੱਗਾ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ 'ਤੇ ਕੁਝ ਵਿਅਕਤੀਆਂ ਵਲੋਂ ਹਮਲਾ ਕਰਕੇ ਘਰ ਅੰਦਰ ਜਾ ਕੇ ਕੁੱਟਮਾਰ ਕੀਤੀ ਗਈ ਸੀ | ਇਸ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੇ ਜਾਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ | ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਕਿਸਾਨਾਂ ਦੀਆਂ ਕਈ ਸ਼ਿਕਾਇਤਾਂ 'ਤੇ ਪੁਲਿਸ ਨੇ ਢਿੱਲਾ ਰਵੱਈਆ ਅਖ਼ਤਿਆਰ ਕੀਤਾ ਹੋਇਆ ਹੈ, ਜਿਸ ਕਾਰਨ ਗਲਤ ਅਨਸਰਾਂ ਦੇ ਹੌਸਲੇ ਵਧ ਰਹੇ ਹਨ ਅਤੇ ਉਨ੍ਹਾਂ ਵਲੋਂ ਵਾਰ-ਵਾਰ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੇ ਪਰਿਵਾਰਕ ਮੈਂਬਰਾਂ 'ਤੇ ਹਮਲੇ ਕੀਤੇ ਜਾ ਰਹੇ ਹਨ, ਜਿਸ ਨੂੰ ਲੈ ਕੇ ਜਿੱਥੇ ਆਮ ਲੋਕਾਂ 'ਚ ਸਹਿਮ ਪਾਇਆ ਜਾ ਰਿਹਾ ਹੈ ਉੱਥੇ ਹੀ ਕਿਸਾਨਾਂ 'ਚ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਕਾਫੀ ਰੋਸ ਪਾਇਆ ਜਾ ਰਿਹਾ ਹੈ | ਅਮਰੀਕ ਸਿੰਘ ਨੇ ਕਿਹਾ ਕਿ ਜਦੋਂ ਤੱਕ ਪੁਲਿਸ ਵਲੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨਹੀਂ ਕੀਤੀ ਜਾਂਦੀ ਉਦੋਂ ਤੱਕ ਧਰਨਾ ਜਾਰੀ ਰੱਖਿਆ ਜਾਵੇਗਾ | ਇਸ ਦੌਰਾਨ ਡੀ. ਐੱਸ. ਪੀ. ਪਾਤੜਾਂ ਇੰਦਰਪਾਲ ਚੌਹਾਨ ਮੌਕੇ 'ਤੇ ਪਹੁੰਚੇ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਸਾਰੀਆਂ ਸ਼ਿਕਾਇਤਾਂ 'ਤੇ ਜ਼ਰੂਰੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ ਜਿਸ ਮਗਰੋਂ ਕਿਸਾਨਾਂ ਵਲੋਂ ਧਰਨਾ ਸਮਾਪਤ ਕਰਨ ਤੋਂ ਪਹਿਲਾਂ ਚਿਤਾਵਨੀ ਦਿੱਤੀ ਗਈ ਕਿ ਜੇਕਰ ਦਿੱਤੇ ਗਏ ਭਰੋਸੇ ਅਨੁਸਾਰ ਕਾਰਵਾਈ ਨਾ ਕੀਤੀ ਗਈ ਤਾਂ ਉਨ੍ਹਾਂ ਨੂੰ ਮੁੜ ਸੰਘਰਸ਼ ਸ਼ੁਰੂ ਕਰਨ ਲਈ ਮਜ਼ਬੂਰ ਹੋਣਾ ਪਵੇਗਾ |