ਪਟਿਆਲਾ 7 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਵਲੋਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦਾ ਭੁਨਰਹੇੜੀ ਤੋਂ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਚੋਣ ਆਗਾਜ਼ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੁਧਨਸਾਧਾਂ ਦੇ ਪਿੰਡ ਭੁਨਰਹੇੜੀ, ਜਲਾਹਖੇੜੀ, ਮਹਿਮੂਦਪੁਰ ਰੁੜਕੀ, ਰੋਹੜ, ਬਿੰਝਲ ਆਦਿ ਦਰਜਨਾਂ ਪਿੰਡਾਂ 'ਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਪ੍ਰੋ. ਚੰਦੂਮਾਜਰਾ ਨੇ ਹਲਕੇ ਦੇ ਲੋਕਾਂ ਨੂੰ ਪਿੰਡਾਂ ਦੀ ਭਾਈਚਾਰਕ ਸਾਂਝ ਤੇ ਏਕਤਾ ਦੀ ਮਜ਼ਬੂਤੀ ਲਈ ਆਜ਼ਾਦ ਉਮੀਦਵਾਰ ਕੁਲਵਿੰਦਰ ਸਿੰਘ ਭੁਨਰਹੇੜੀ ਨੂੰ ਵੱਡੀ ਲੀਡ ਨਾਲ ਜਿਤਾਉਣ ਦੀ ਅਪੀਲ ਕੀਤੀ | ਇਸ ਮੌਕੇ ਪ੍ਰੋ. ਚੰਦੂਮਾਜਰਾ ਨੇ ਪੰਚਾਇਤੀ ਰਾਜ ਐਕਟ ਦਾ ਜ਼ਿਕਰ ਕਰਦਿਆਂ ਆਖਿਆ ਕਿ ਪੰਜਾਬ ਅੰਦਰ ਲੋਕਲ ਬਾਡੀਜ਼ ਨੂੰ ਅਧਿਕਾਰਾਂ ਤੋਂ ਵਾਂਝੇ ਰੱਖਿਆ ਹੋਇਆ ਹੈ, ਜਿਸ ਲਈ ਸਾਰੀਆਂ ਹੀ ਰਾਜਨੀਤਿਕ ਧਿਰਾਂ ਜ਼ਿੰਮੇਵਾਰ ਹਨ | ਇਸ ਮੌਕੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ 'ਆਪ' ਸਰਕਾਰ ਵਲੋਂ ਉਮੀਦਵਾਰਾਂ ਨਾਲ ਹੋਈ ਧੱਕੇਸ਼ਾਹੀ ਨੂੰ ਲੋਕਰਾਜ ਲਈ ਖ਼ਤਰੇ ਦੀ ਘੰਟੀ ਦੱਸਿਆ | ਉਨ੍ਹਾਂ ਆਖਿਆ ਕਿ ਉਮੀਦਵਾਰਾਂ ਨਾਲ ਹੋਈ ਧੱਕੇਸ਼ਾਹੀ ਦਾ ਰਾਜ ਚੋਣ ਕਮਿਸ਼ਨ ਨੂੰ ਸਖ਼ਤ ਨੋਟਿਸ ਲੈਣਾ ਚਾਹੀਦਾ ਹੈ | ਪ੍ਰੋ ਚੰਦੂਮਾਜਰਾ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਆਜ਼ਾਦ ਉਮੀਦਵਾਰਾਂ ਦੇ ਚੋਣ ਨਿਸ਼ਾਨ ਟਰੱਕ ਨੂੰ ਵੋਟਾਂ ਪਾਕੇ ਕਾਮਯਾਬ ਕਰਨ ਦੀ ਅਪੀਲ ਕੀਤੀ | ਇਸ ਮੌਕੇ ਐੱਸ.ਜੀ.ਪੀ.ਸੀ. ਮੈਂਬਰ ਜਥੇ. ਜਰਨੈਲ ਸਿੰਘ ਕਰਤਾਰਪੁਰ, ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਕੁਲਵਿੰਦਰ ਸਿੰਘ, ਪ੍ਰੇਮ ਸਿੰਘ ਸਵਾਈਵਾਲਾ, ਐਡਵੋਕੇਟ ਇੰਦਰਜੀਤ ਸਿੰਘ ਮਾਨ, ਗੁਰਜੀਤ ਉੱਪਲੀ, ਸ਼ੇਰ ਸਿੰਘ ਪੰਜੇਟਾ ਤੋਂ ਇਲਾਵਾ ਵੱਡੀ ਗਿਣਤੀ 'ਚ ਲੋਕ ਹਾਜ਼ਰ ਸਨ |