ਅਮਲੋਹ, 7 ਦਸੰਬਰ (ਹਰਪ੍ਰੀਤ ਸਿੰਘ ਗਿੱਲ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੇ ਇਸ ਬਲਾਕ 'ਚ ਚੋਣ ਪ੍ਰਚਾਰ ਨੂੰ ਪੂਰੀ ਤਰ੍ਹਾਂ ਭਖਾ ਦਿੱਤਾ ਹੈ, ਜਿਸ ਤਹਿਤ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਪਿੰਡ ਰਾਮਗੜ੍ਹ ਵਿਖੇ ਪਾਰਟੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ | ਸਮਾਗਮ 'ਚ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ | ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਆਪ' ਸਰਕਾਰ ਪੰਜਾਬ ਵਿਚ ਬੇਮਿਸਾਲ ਵਿਕਾਸ ਦੇ ਕਾਰਜ ਕਰਵਾ ਰਹੀ ਹੈ, ਜਿਸ ਦਾ ਫ਼ਾਇਦਾ ਸਿੱਧੇ ਤੌਰ 'ਤੇ ਆਮ ਅਤੇ ਗ਼ਰੀਬ ਲੋਕਾਂ ਨੂੰ ਪਹੁੰਚ ਰਿਹਾ ਹੈ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਨੂੰ ਮੁੜ ਖੁਸ਼ਹਾਲ ਤੇ 'ਰੰਗਲਾ ਪੰਜਾਬ' ਬਣਾਉਣ ਦੇ ਮਿਸ਼ਨ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਵਿਚ ਵੀ 'ਆਪ' ਦੇ ਨੁਮਾਇੰਦਿਆਂ ਦੀ ਜਿੱਤ ਬਹੁਤ ਜ਼ਰੂਰੀ ਹੈ | ਇਸੇ ਲਈ ਉਨ੍ਹਾਂ ਨਗਰ ਵਾਸੀਆਂ ਨੂੰ ਇਨ੍ਹਾਂ ਚੋਣਾਂ 'ਚ ਵੱਧ ਚੜ੍ਹ ਕੇ 'ਆਪ' ਦੇ ਹੱਕ ਵਿਚ ਫ਼ਤਵਾ ਦੇਣ ਦੀ ਪੁਰਜ਼ੋਰ ਅਪੀਲ ਕੀਤੀ | ਪ੍ਰੋਗਰਾਮ ਦੌਰਾਨ ਪਿੰਡ ਰਾਮਗੜ੍ਹ ਦੇ ਨਿਵਾਸੀਆਂ ਨੇ ਵਿਧਾਇਕ ਗੈਰੀ ਬੜਿੰਗ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਉਹ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਸੰਤੁਸ਼ਟ ਹਨ ਅਤੇ ਇਨ੍ਹਾਂ ਚੋਣਾਂ ਵਿਚ ਸਾਰਾ ਪਿੰਡ 'ਆਪ' ਦੇ ਉਮੀਦਵਾਰ ਨੂੰ ਪੂਰੀ ਵੋਟ ਤੇ ਸਪੋਰਟ ਕਰਨਗੇ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜ ਰਹੇ ਪਾਰਟੀ ਦੇ ਉਮੀਦਵਾਰ ਸ਼ਿੰਗਾਰਾ ਸਿੰਘ ਸਲਾਣਾ ਨੇ ਕਿਹਾ ਕਿ ਅੱਜ ਦਾ ਭਰਵਾਂ ਇਕੱਠ ਇਹ ਦਰਸਾਉਂਦਾ ਹੈ ਕਿ ਜਨ-ਸਮਰਥਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦੇ ਨਾਲ ਹੈ | ਉਨ੍ਹਾਂ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਜੇਕਰ ਉਹ ਚੋਣ ਜਿੱਤਦੇ ਹਨ, ਤਾਂ ਉਹ ਬਿਨਾਂ ਕਿਸੇ ਭੇਦਭਾਵ ਦੇ ਪਿੰਡ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਕਰਵਾਉਣਗੇ |