ਨਾਭਾ, 18 ਦਸੰਬਰ (ਕਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਨਾਭਾ ਦੇ ਮੁਖੀ ਮੱਖਣ ਸਿੰਘ ਲਾਲਕਾ ਨੇ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਪਾਰਟੀ ਦੀ ਸ਼ਾਨਦਾਰ ਕਾਰਗੁਜ਼ਾਰੀ 'ਤੇ ਸੰਤੁਸ਼ਟੀ ਜਤਾਈ ਹੈ | ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮਜ਼ਬੂਤ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨੇ ਇਨ੍ਹਾਂ ਚੋਣਾਂ 'ਚ ਵੱਡੀ ਜਿੱਤ ਦਰਜ ਕਰਕੇ ਆਪਣੀ ਲੋਕਪਿ੍ਯਤਾ ਸਾਬਤ ਕੀਤੀ ਹੈ | ਮੱਖਣ ਸਿੰਘ ਲਾਲਕਾ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਚੋਣਾਂ ਦੌਰਾਨ ਕੀਤੀ ਗਈ ਧੱਕੇਸ਼ਾਹੀ ਤੇ ਦਬਾਅ ਦੇ ਬਾਵਜੂਦ ਵੀ ਸ਼੍ਰੋਮਣੀ ਅਕਾਲੀ ਦਲ ਦੇ 6 ਉਮੀਦਵਾਰ ਬਲਾਕ ਸੰਮਤੀ ਚੋਣਾਂ 'ਚ ਤੇ 1 ਉਮੀਦਵਾਰ ਜ਼ਿਲ੍ਹਾ ਪਰਿਸ਼ਦ ਚੋਣ 'ਚ ਜੇਤੂ ਰਹੇ ਹਨ | ਉਨ੍ਹਾਂ ਦੱਸਿਆ ਕਿ ਕੁੱਝ ਹੋਰ ਉਮੀਦਵਾਰ ਬਹੁਤ ਹੀ ਘੱਟ ਵੋਟਾਂ ਦੇ ਫ਼ਰਕ ਨਾਲ ਹਾਰ ਗਏ, ਜਿਸ ਨਾਲ ਇਹ ਸਪਸ਼ਟ ਹੁੰਦਾ ਹੈ ਕਿ ਪਾਰਟੀ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਇਹ ਨਤੀਜੇ ਸਾਬਤ ਕਰਦੇ ਹਨ ਕਿ ਪੰਜਾਬ ਦੀ ਜਨਤਾ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਵੱਲ ਆਸ ਦੀ ਨਜ਼ਰ ਨਾਲ ਦੇਖ ਰਹੀ ਹੈ | ਇਕ ਸਵਾਲ ਦੇ ਜਵਾਬ 'ਚ ਮੱਖਣ ਸਿੰਘ ਲਾਲਕਾ ਨੇ ਦਿ੍ੜ੍ਹ ਵਿਸ਼ਵਾਸ ਜਤਾਇਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਹਰ ਹਾਲਤ 'ਚ ਸਰਕਾਰ ਬਣਾਏਗਾ |