20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੌਰਾਨ ਅੰਗ ਦਾਨ ਕਰਨ ਦੀ ਮੁਹਿੰਮ ਨੂੰ ਲੋਕ ਲਹਿਰ ਵਜੋਂ ਆਰੰਭਿਆ ਜਾਵੇਗਾ- ਸਿਹਤ ਮੰਤਰੀ

Ad Position 21
No active advertisement
ਅਜੀਤ ਡੈਸਕ 19-12-2025
ਫ਼ਤਹਿਗੜ੍ਹ ਸਾਹਿਬ, 18 ਦਸੰਬਰ (ਮਨਪ੍ਰੀਤ ਸਿੰਘ)-10ਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ, ਜੋ ਕਿ 25, 26 ਅਤੇ 27 ਦਸੰਬਰ ਨੂੰ, ਸ਼ਹੀਦਾਂ ਦੀ ਪਵਿੱਤਰ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਈ ਜਾ ਰਹੀ ਹੈ, ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੀਤੇ ਜਾ ਰਹੇ ਵੱਖ-ਵੱਖ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਅੱਜ, ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵਲੋਂ ਪ੍ਰਸ਼ਾਸਨ ਤੇ ਪੁਲਿਸ ਦੇ ਅਧਿਕਾਰੀਆਂ ਨਾਲ ਬੱਚਤ ਭਵਨ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਲਗਪਗ 50 ਲੱਖ ਸ਼ਰਧਾਲੂਆਂ ਦੇ ਨਤਮਸਤਕ ਹੋਣ ਲਈ ਪਹੁੰਚਣ ਦੀ ਸੰਭਾਵਨਾ ਦੇ ਮੱਦੇਨਜ਼ਰ, ਪੰਜਾਬ ਸਰਕਾਰ ਵਲੋਂ ਵਿਆਪਕ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ | ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਠੰਢ ਦਾ ਮੌਸਮ ਹੋਣ ਕਾਰਨ ਸੰਗਤਾਂ ਲਈ ਸਰਵੋਤਮ ਮੈਡੀਕਲ ਸੁਵਿਧਾਵਾਂ ਦਾ ਪ੍ਰਬੰਧ ਕੀਤਾ ਗਿਆ ਹੈ, ਜਿਸ ਤਹਿਤ ਜਿੱਥੇ ਮਹਿਜ਼ 500 ਮੀਟਰ ਦੀ ਦੂਰੀ 'ਤੇ ਆਰਜ਼ੀ ਆਮ ਆਦਮੀ ਕਲੀਨਿਕ ਸੇਵਾਵਾਂ ਪ੍ਰਦਾਨ ਕਰਨਗੇ ਉੱਥੇ ਹੀ 24 ਘੰਟੇ ਐਮਰਜੈਂਸੀ ਸੇਵਾਵਾਂ ਤੇ ਡਿਸਪੈਂਸਰੀਆਂ ਵਿਚ ਮਾਹਿਰ ਡਾਕਟਰ ਤਾਇਨਾਤ ਰਹਿਣਗੇ | ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸ਼ਹੀਦੀ ਸਭਾ ਦੌਰਾਨ 20 ਆਰਜ਼ੀ ਆਮ ਆਦਮੀ ਕਲੀਨਿਕ ਸਿਹਤ ਸੇਵਾਵਾਂ ਪ੍ਰਦਾਨ ਕਰਨਗੇ | ਉਨ੍ਹਾਂ ਦੱਸਿਆ ਕਿ ਇਸ ਦੌਰਾਨ 60 ਦੇ ਕਰੀਬ ਐਂਬੂਲੈਂਸਾਂ, ਲੋੜਵੰਦਾਂ ਨੂੰ ਫ਼ੌਰੀ ਐਮਰਜੈਂਸੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਕਾਰਜਸ਼ੀਲ ਰਹਿਣਗੀਆਂ | ਉਨ੍ਹਾਂ ਇਹ ਵੀ ਦੱਸਿਆ ਕਿ ਕਿ੍ਟੀਕਲ ਕੇਅਰ ਬਲਾਕ ਵੀ ਤਿਆਰ ਕੀਤਾ ਜਾ ਰਿਹਾ ਹੈ ਜਿਸ ਵਿਚ ਹਰੇਕ ਤਰਾਂ ਦੀ ਜੀਵਨ ਰੱਖਿਅਕ ਸਿਹਤ ਸੁਵਿਧਾ ਦਾ ਪ੍ਰਬੰਧ ਹੋਵੇਗਾ | ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 25 ਅਤੇ 26 ਦਸੰਬਰ ਨੂੰ ਵਿਸ਼ਾਲ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਜਾਵੇਗਾ ਜਿਸ ਵਿਚ ਸ਼ਰਧਾਲੂ ਸਵੈ ਇੱਛਾ ਨਾਲ ਖ਼ੂਨਦਾਨ ਕਰ ਸਕਣਗੇ | ਇਸ ਕੈਂਪ ਦੌਰਾਨ ਲੋੜ ਅਨੁਸਾਰ ਹੀ ਖ਼ੂਨ ਇਕੱਤਰ ਕੀਤਾ ਜਾਵੇਗਾ ਤੇ ਖ਼ੂਨਦਾਨੀਆਂ ਦੀ ਗਿਣਤੀ ਵਧਣ ਤੇ ਉਨ੍ਹਾਂ ਦਾ ਨਾਮ ਰਜਿਸਟਰ ਕਰ ਲਿਆ ਜਾਵੇਗਾ ਤਾਂ ਜੋ ਭਵਿੱਖੀ ਲੋੜ ਅਨੁਸਾਰ ਖ਼ੂਨਦਾਨ ਕਰਵਾਇਆ ਜਾ ਸਕੇ | ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸ਼ਹੀਦਾਂ ਦੀ ਮਹਾਨ ਸ਼ਹਾਦਤ ਨੂੰ ਨਮਨ ਕਰਦੇ ਹੋਏ ਇਸ ਪਵਿੱਤਰ ਧਰਤੀ ਤੋਂ ਅੰਗ ਦਾਨ ਕਰਨ ਦੀ ਮੁਹਿੰਮ ਨੂੰ ਲੋਕ ਲਹਿਰ ਵਜੋਂ ਵਿਕਸਿਤ ਕਰਦੇ ਹੋਏ ਵੱਧ ਤੋਂ ਵੱਧ ਨਾਗਰਿਕਾਂ ਨੂੰ ਇਹ ਪ੍ਰਣ ਦਿਵਾਇਆ ਜਾਵੇਗਾ ਕਿ ਉਹ ਮਰਨ ਉਪਰੰਤ ਅੰਗ ਦਾਨ ਕਰਕੇ ਹੋਰ ਨਾਲ ਲੋੜਵੰਦਾਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣ ਵਿਚ ਯੋਗਦਾਨ ਪਾਉਣਗੇ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੋਹਾਲੀ ਤੋਂ ਲੀਵਰ ਟਰਾਂਸਪਲਾਂਟ ਸੁਵਿਧਾ ਨੂੰ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਬਹੁਤ ਜਲਦੀ ਕਿਡਨੀ ਟਰਾਂਸਪਲਾਂਟ ਸੁਵਿਧਾ ਵੀ ਆਰੰਭ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਅਜਿਹੇ ਚੰਗੇ ਕਾਰਜਾਂ ਵਿਚ ਵੱਧ ਚੜ ਕੇ ਅੱਗੇ ਆਉਣਾ ਚਾਹੀਦਾ ਹੈ | ਇਸ ਮੌਕੇ ਵਿਧਾਇਕ ਐਡ. ਰਾਏ ਨੇ ਕਿਹਾ ਕਿ ਸਮੁੱਚਾ ਪ੍ਰਸ਼ਾਸਨ ਦੇਸ਼ ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਲਈ ਹਰ ਸੁਵਿਧਾ ਨੂੰ ਯਕੀਨੀ ਬਣਾਉਣ ਲਈ ਦਿਨ ਰਾਤ ਜੁਟਿਆ ਹੋਇਆ ਹੈ ਅਤੇ ਕਿਸੇ ਵੀ ਪੱਖੋਂ ਕੋਈ ਕਮੀ ਬਾਕੀ ਨਹੀਂ ਰਹੇਗੀ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਪ੍ਰਸ਼ਾਸਨ ਅਤੇ ਪੁਲਿਸ ਵਲੋਂ ਕੀਤੇ ਜਾ ਰਹੇ ਵੱਖ-ਵੱਖ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ ਅਤੇ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਮੁੱਚੇ ਪ੍ਰਬੰਧ ਸਮੇਂ ਸਿਰ ਨੇਪਰੇ ਚੜ੍ਹਾਉਣ ਦਾ ਵਿਸ਼ਵਾਸ ਦਿਵਾਇਆ | ਇਸ ਮੌਕੇ ਏ.ਡੀ.ਸੀ. ਪੂਜਾ ਸਿਆਲ ਗਰੇਵਾਲ, ਐੱਸ.ਡੀ.ਐੱਮ. ਸੂਬਾ ਸਿੰਘ, ਐੱਸ.ਡੀ.ਐੱਮ. ਹਰਵੀਰ ਕੌਰ, ਮੁੱਖ ਮੰਤਰੀ ਫ਼ੀਲਡ ਅਫ਼ਸਰ ਸ਼ੰਕਰ ਸ਼ਰਮਾ, ਜ਼ਿਲ੍ਹਾ ਮਾਲ ਅਫ਼ਸਰ ਕਰੁਨ ਗੁਪਤਾ, ਐੱਸ. ਪੀ. ਰਾਕੇਸ਼ ਯਾਦਵ, ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਸਮੇਤ ਹੋਰ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ 'ਚ ਸਾਬਕਾ ਪੁਲਿਸ ਅਧਿਕਾਰੀਆਂ ਦੇ ਹਮਲਾਵਰ ਨੂੰ ਦਿੱਤੀਆਂ ਜਾਣ ਸਖ਼ਤ ਸਜ਼ਾਵਾਂ- ਐਡ. ਅਮਨ ਗਰਗ ਅਗਲੀ ਖ਼ਬਰ ਡਾ. ਬੀ. ਐੱਸ. ਸੰਧੂ ਸਕੂਲ ਵਿਖੇ ਤਿੰਨ ਦਿਨਾ ਅਥਲੈਟਿਕ ਮੀਟ ਦਾ ਸ਼ਾਨਦਾਰ ਆਗਾਜ਼
Ad Position 24