ਬਨੂੜ, 25 ਦਸੰਬਰ (ਭੁਪਿੰਦਰ ਸਿੰਘ)-ਸਿੱਖ ਕੌਮ ਦੇ ਮਹਾਨ ਸ਼ਹੀਦ ਨਿੱਕੀਆਂ ਜ਼ਿੰਦਾਂ ਵੱਡੇ ਸਾਕੇ ਕਰਨ ਵਾਲੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਦਿਵਸ ਦਾ ਨਾਂਅ ਵੀਰ ਬਾਲ ਦਿਵਸ ਤੋਂ ਬਦਲ ਕੇ ਸਾਹਿਬਜ਼ਾਦੇ ਸ਼ਹਾਦਤ ਦਿਵਸ ਕੇਂਦਰ ਸਰਕਾਰ ਰੱਖੇ ਤਾਂ ਜੋ ਸਿੱਖ ਭਾਈਚਾਰੇ ਦੀ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਨੂੰ ਪੂਰਾ ਕੀਤਾ ਜਾ ਸਕੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਹੁਜਨ ਸਮਾਜ ਪਾਰਟੀ ਦੇ ਸੂਬਾਈ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਬਸਪਾ ਦੇ ਸੂਬਾਈ ਜਨਰਲ ਸਕੱਤਰ ਜਗਜੀਤ ਸਿੰਘ ਛੜਬੜ ਦੇ ਦਫ਼ਤਰ ਬਨੂੜ ਵਿਖੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਹੈ | ਇਸ ਲਈ ਇਹ ਬਾਲ ਨਹੀਂ ਕਿ ਉਨ੍ਹਾਂ ਨੂੰ ਵਿਸ਼ਵ ਪੱਧਰ 'ਤੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਦੇ ਨਾਂਅ ਨਾਲ ਯਾਦ ਕੀਤਾ ਜਾਂਦਾ ਹੈ ਅਤੇ ਇਸ ਦੇ ਨਾਲ ਹੀ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣਾ ਸਿੱਖੀ ਸਿਧਾਂਤਾਂ ਦੇ ਉਲਟ ਹੈ | ਬਸਪਾ ਦੇ ਸੂਬਾਈ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਉਹ ਸਿੱਖਾਂ ਦੀਆਂ ਭਾਵਨਾਵਾਂ ਨੂੰ ਸਮਝਣ ਤੇ ਇਸ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਉਣ ਦੇ ਤੁਰੰਤ ਆਦੇਸ਼ ਕਰਨ ਤਾਂ ਜੋ ਸਿੱਖ ਭਾਈਚਾਰੇ ਵਲੋਂ ਕੀਤੀ ਜਾ ਰਹੀ ਮੰਗ ਨੂੰ ਪੂਰਾ ਕੀਤਾ ਜਾ ਸਕੇ | ਇਸ ਮੌਕੇ ਬਸਪਾ ਦੇ ਸੂਬਾਈ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੂੰ ਸੂਬਾਈ ਜਨਰਲ ਸਕੱਤਰ ਜਗਜੀਤ ਸਿੰਘ ਛੜਬੜ ਨੇ ਸਿਰਪਾਉ ਦੇ ਕੇ ਸਨਮਾਨਿਤ ਵੀ ਕੀਤਾ | ਇਸ ਮੌਕੇ ਅਜੀਤ ਸਿੰਘ ਭੈਣੀ ਸੂਬਾਈ ਕੋਆਰਡੀਨੇਟਰ ਬਸਪਾ, ਜਗਜੀਤ ਸਿੰਘ ਛੜਬੜ ਜਰਨਲ ਸਕੱਤਰ ਬਸਪਾ ਪੰਜਾਬ, ਗੁਰਦਾਸ ਸਿੰਘ ਘੜਾਮਾ, ਸੁਖਜੀਤ ਸਿੰਘ ਗੋਲਡੀ, ਨਾਰੰਗ ਸਿੰਘ ਉੜਦਨ, ਕੈਪਟਨ ਬੰਤ ਸਿੰਘ ਤੇ ਕੈਪਟਨ ਬਲਬੀਰ ਸਿੰਘ ਆਦਿ ਹਾਜ਼ਰ ਸਨ |