ਦੇਵੀਗੜ੍ਹ, 25 ਦਸੰਬਰ (ਰਾਜਿੰਦਰ ਸਿੰਘ ਮੌਜੀ)-ਕੇਂਦਰ ਤੇ ਪੰਜਾਬ ਸਰਕਾਰ ਦੀਆਂ ਕਥਿਤ ਲੋਕ-ਮਾਰੂ ਨੀਤੀਆਂ ਵਿਰੁੱਧ ਬਿਜਲੀ ਮੁਲਾਜ਼ਮਾਂ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਗਿਆ | ਜੁਆਇੰਟ ਫੋਰਮ, ਏਕਤਾ ਮੰਚ, ਜੇ. ਈ. ਕੌਂਸਲ ਅਤੇ ਪੀ. ਐੱਸ. ਪੀ. ਸੀ. ਐੱਲ. ਦੀਆਂ ਸਮੂਹ ਜਥੇਬੰਦੀਆਂ ਨੇ ਇਕੱਠੇ ਹੋ ਕੇ ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਬਿਜਲੀ ਐਕਟ 2025 ਅਤੇ ਨਿਊਕਲੀਅਰ ਪਾਵਰ ਪਲਾਂਟ ਲਗਾਉਣ ਦੇ ਫੈਸਲੇ ਦੀਆਂ ਕਾਪੀਆਂ ਸਾੜ ਕੇ ਆਪਣਾ ਰੋਸ ਪ੍ਰਗਟਾਇਆ | ਇਸ ਮੌਕੇ ਬੋਲਦਿਆਂ ਬੁਲਾਰਿਆਂ ਨੇ ਪੰਜਾਬ ਸਰਕਾਰ ਨੂੰ ਵੀ ਨਿਸ਼ਾਨੇ 'ਤੇ ਲਿਆ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੀ. ਐੱਸ. ਪੀ. ਸੀ. ਐੱਲ. (ਪਾਵਰਕੌਮ) ਦੀਆਂ ਕੀਮਤੀ ਜ਼ਮੀਨਾਂ ਨੂੰ ਵੇਚਣ ਦੀ ਤਿਆਰੀ ਕਰ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਮੁਜ਼ਾਹਰਾਕਾਰੀਆਂ ਨੇ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ | ਸੰਬੋਧਨ ਕਰਦਿਆਂ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਭਜਨ ਸਿੰਘ ਚੌਹਾਨ, ਜੋਗਿੰਦਰ ਗਿਰ, ਜਰਨੈਲ ਸਿੰਘ ਔਲਖ, ਕਿ੍ਸ਼ਨ ਸਿੰਘ ਜੁਲਕਾ, ਗੁਰਮੇਲ ਸਿੰਘ ਅਤੇ ਕਰਨੈਲ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਜਨਤਾ ਦੀ ਜਾਇਦਾਦ ਨੂੰ ਅਡਾਨੀ, ਅੰਬਾਨੀ ਅਤੇ ਵਿਦੇਸ਼ੀ ਕੰਪਨੀਆਂ ਦੇ ਹਵਾਲੇ ਕਰਨ 'ਤੇ ਤੁਲੀ ਹੋਈ ਹੈ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਇਹ ਫੈਸਲੇ ਵਾਪਸ ਨਾ ਲਏ ਗਏ ਤਾਂ ਆਉਣ ਵਾਲੇ ਸਮੇਂ ਵਿੱਚ ਆਮ ਜਨਤਾ ਅਤੇ ਮੁਲਾਜ਼ਮਾਂ 'ਤੇ ਇਸ ਦਾ ਬਹੁਤ ਮਾੜਾ ਅਸਰ ਪਵੇਗਾ ਅਤੇ ਬਿਜਲੀ ਆਮ ਆਦਮੀ ਦੀ ਪਹੁੰਚ ਤੋਂ ਦੂਰ ਹੋ ਜਾਵੇਗੀ | ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇਕਰ ਸਰਕਾਰਾਂ ਨੇ ਆਪਣਾ ਅੜੀਅਲ ਰਵੱਈਆ ਨਾ ਤਿਆਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਵੱਡੀ ਗਿਣਤੀ ਵਿਚ ਬਿਜਲੀ ਮੁਲਾਜ਼ਮ ਤੇ ਪੈਨਸ਼ਨਰ ਹਾਜ਼ਰ ਸਨ |