ਦੇਵੀਗੜ੍ਹ, 28 ਦਸੰਬਰ (ਰਾਜਿੰਦਰ ਸਿੰਘ ਮੌਜੀ)-ਪਿੰਡ ਅਲੀਪੁਰ ਵਜੀਰ ਸਾਹਿਬ ਵਿਖੇ ਅਣਪਛਾਤੇ ਸ਼ਰਾਰਤੀ ਅਨਸਰਾਂ ਵਲੋਂ ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਲਾਲ ਸਿੰਘ ਵਲੋਂ ਰੱਖੇ ਗਏ ਇਕ ਵਿਕਾਸ ਕਾਰਜ ਦੇ ਨੀਂਹ ਪੱਥਰ ਦੀ ਭੰਨ-ਤੋੜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਘਟਨਾ ਤੋਂ ਬਾਅਦ ਪਾਰਟੀ ਵਰਕਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਜਾਣਕਾਰੀ ਅਨੁਸਾਰ, ਇਹ ਨੀਂਹ ਪੱਥਰ ਪਿੰਡ ਦੇ ਵਿਕਾਸ ਕਾਰਜਾਂ ਦੀ ਯਾਦਗਾਰ ਵਜੋਂ ਲਗਾਇਆ ਗਿਆ ਸੀ | ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਕੁੱਝ ਸ਼ਰਾਰਤੀ ਅਨਸਰਾਂ ਨੇ ਇਸ ਪੱਥਰ ਨੂੰ ਤੋੜ ਦਿੱਤਾ | ਘਟਨਾ ਦੀ ਨਿਖੇਧੀ ਕਰਦਿਆਂ ਪਿੰਡ ਦੇ ਨੰਬਰਦਾਰ ਪ੍ਰਕਾਸ਼ ਸਿੰਘ ਨੇ ਕਿਹਾ ਇਹ ਘਟਨਾ ਬਹੁਤ ਹੀ ਮੰਦਭਾਗੀ ਹੈ | ਸਾਬਕਾ ਮੰਤਰੀ ਲਾਲ ਸਿੰਘ ਨੇ ਹਮੇਸ਼ਾ ਇਲਾਕੇ ਦੇ ਵਿਕਾਸ ਲਈ ਕੰਮ ਕੀਤਾ ਹੈ ਅਤੇ ਅਜਿਹੇ ਵਿਕਾਸ ਕਾਰਜਾਂ ਦੇ ਚਿੰਨ੍ਹਾਂ ਦੀ ਬੇਅਦਬੀ ਕਰਨਾ ਸਿੱਧੇ ਤੌਰ 'ਤੇ ਪਿੰਡ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਹੈ |'' ਉਨ੍ਹਾਂ ਅੱਗੇ ਕਿਹਾ ਕਿ ਅਸੀਂ ਪ੍ਰਸ਼ਾਸਨ ਤੋਂ ਮੰਗ ਕਰਦੇ ਹਾਂ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ | ਇਸ ਮੌਕੇ ਹਰਜਿੰਦਰ ਸਿੰਘ, ਸ਼ਮਸ਼ੇਰ ਸਿੰਘ, ਮੇਜਰ ਸਿੰਘ, ਇਕਬਾਲ ਸਿੰਘ, ਅਜੈਬ ਸਿੰਘ, ਜਸਵੀਰ ਸਿੰਘ ਪੰਚ, ਰਮਣੀਕ ਸਿੰਘ ਤੇ ਜਰਨੈਲ ਸਿੰਘ ਆਦਿ ਹਾਜ਼ਰ ਸਨ |