ਫ਼ਰੀਦਕੋਟ, 31 ਮਈ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡਾਂ 'ਚ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਸ਼ੱਕ ਦੇ ਆਧਾਰ 'ਤੇ ਇਕ ਵਿਅਕਤੀਆਂ ਨੂੰ ਰੋਕ ਕੇ ਉਸ ਦੀ ਕੀਤੀ ਗਈ ਤਲਾਸ਼ੀ ਦੌਰਾਨ 250 ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਅਤੇ ਡਰੱਗ ਮਨੀ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਹਰਦੇਵ ਸਿੰਘ ਇੰਚਾਰਜ, ਪੁਲਿਸ ਚੌਂਕੀ ਕਲੇਰ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਪਿੰਡ ਭਾਣਾ, ਚੰਮੇਲੀ ਪੱਕੀ ਸੜਕ ਢੁੱਡੀ ਨੂੰ ਜਾ ਰਹੇ ਸਨ ਤਾਂ ਰਸਤੇ 'ਚ ਆ ਰਹੇ ਗਗਨਦੀਪ ਸਿੰਘ ਉਰਫ਼ ਗਗਨ ਪੁੱਤਰ ਨਛੱਤਰ ਸਿੰਘ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 250 ਪਾਬੰਦੀਸ਼ੁਦਾ ਨਸ਼ੇ ਦੀਆਂ ਗੋਲੀਆਂ ਅਤੇ 19000/- ਰੁਪਏ ਡਰੱਗ ਮਨੀ ਬਰਾਮਦ ਕੀਤੀ | ਕਥਿਤ ਦੋਸ਼ੀ ਤੋਂ ਬਰਾਮਦ ਗੋਲੀਆਂ ਸੰਬੰਧੀ ਕੋਈ ਪੁਖਤਾ ਦਸਤਾਵੇਜ਼ ਨਾ ਦਿਖਾਏ ਜਾਣ 'ਤੇ ਉਸ ਖ਼ਿਲਾਫ਼ ਥਾਣਾ ਸਦਰ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ |